22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਕਾਂਗਰਸ ਵਲੋਂ ਮੁਹਾਲੀ ਸਥਿਤ ਗਮਾਡਾ ਦਫ਼ਤਰ ਅੱਗੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 22-07-2025

ਐੱਸ. ਏ. ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਕਾਂਗਰਸ ਵਲੋਂ ਅੱਜ ਮੁਹਾਲੀ ਵਿਖੇ ਵਰ੍ਹਦੇ ਮੀਂਹ ਵਿਚ ਪੁੱਡਾ/ਗਮਾਡਾ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ 'ਚ ਬਰਸਾਤ ਦੇ ਬਾਵਜੂਦ ਵੱਡੀ ਗਿਣਤੀ 'ਚ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਨੀਤੀ ਆਮ ਆਦਮੀ ਪਾਰਟੀ ਦੀ ਚਾਲ ਹੈ ਜੋ ਕਿ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਨੂੰ ਲੁੱਟਣ ਲਈ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਕੁਝ ਵੀ ਕਰ ਸਕਦੇ ਹਨ ਅਤੇ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ 'ਚ ਪੂਰੀ ਤਰ੍ਹਾਂ ਖੜ੍ਹੀ ਹੈ | ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨੂੰ ਇਹ ਆਖ ਕੇ ਗੁੰਮਰਾਹ ਕਰ ਰਹੀ ਹੈ ਕਿ ਇਹ ਲੈਂਡ ਪੂਲਿੰਗ ਨੀਤੀ ਸਵੈ-ਇੱਛੁਕ ਹੈ, ਜਦਕਿ ਅਸਲ 'ਚ ਐਲ. ਏ. ਏ. ਆਰ. ਨਾਂਅ ਦੀ ਇਕ ਧਾਰਾ ਇਸ ਨਾਲ ਜੋੜੀ ਗਈ ਹੈ, ਜਿਸ ਰਾਹੀਂ ਸਰਕਾਰ ਜ਼ਮੀਨ ਜਬਰਨ ਵੀ ਲੈ ਸਕਦੀ ਹੈ | ਉਨ੍ਹਾਂ ਕਿਹਾ ਕਿ ਇਹ ਨੀਤੀ ਸਿਰਫ਼ ਜਮੀਨ ਲੁੱਟਣ ਦਾ ਜ਼ਰੀਆ ਹੈ, ਜਿਸ ਦੀ ਕਿਸਾਨਾਂ ਨੂੰ ਕੋਈ ਲੋੜ ਨਹੀਂ ਹੈ | ਇਸ ਮੌਕੇ ਕਾਂਗਰਸ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਮੰਗ-ਪੱਤਰ ਭੌਂ ਪ੍ਰਾਪਤੀ ਕੁਲੈਕਟਰ ਸੰਜੀਵ ਕੁਮਾਰ (ਪੀ. ਸੀ. ਐਸ.) ਨੂੰ ਸੌਂਪਿਆ ਗਿਆ, ਜਿਸ 'ਚ ਇਸ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਚਾਹੇ ਕੋਈ ਵੀ ਲੜਾਈ ਲੜਨੀ ਪਵੇ, ਅਸੀਂ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰਦਸਤੀ ਹੜੱਪਣ ਨਹੀਂ ਦਿਆਂਗੇ | ਅਸੀਂ ਇਸ ਜ਼ੁਲਮ ਨੂੰ ਰੋਕਣ ਲਈ ਆਪਣਾ ਖ਼ੂਨ ਤੱਕ ਦੇਣ ਲਈ ਤਿਆਰ ਹਾਂ | ਇਸ ਮੌਕੇ ਏ. ਆਈ. ਸੀ. ਸੀ. ਸਕੱਤਰ ਰਵਿੰਦਰ ਡਲਵੀ, ਸੁਖਪਾਲ ਸਿੰਘ ਖਹਿਰਾ, ਕੈਪਟਨ ਸੰਦੀਪ ਸਿੰਘ ਸੰਧੂ, ਗੁਰਕੀਰਤ ਸਿੰਘ ਕੋਟਲੀ, ਕਾਕਾ ਰਣਦੀਪ ਸਿੰਘ ਨਾਭਾ, ਸਾਧੂ ਸਿੰਘ ਧਰਮਸੋਤ, ਜਸਬੀਰ ਸਿੰਘ ਡਿੰਪਾ, ਹਰਮਿੰਦਰ ਸਿੰਘ ਗਿੱਲ, ਕੁਲਜੀਤ ਸਿੰਘ ਨਾਗਰਾ, ਨਵਤੇਜ ਸਿੰਘ ਚੀਮਾ, ਕੁਲਦੀਪ ਸਿੰਘ ਵੈਦ, ਗਗਨਦੀਪ ਸਿੰਘ ਬੌਬੀ, ਗੁਰਸ਼ਰਨ ਕੌਰ ਰੰਧਾਵਾ, ਮੋਹਿਤ ਮੋਹਿੰਦਰਾ, ਅਮਰਜੀਤ ਸਿੰਘ ਜੀਤੀ ਸਿੱਧੂ, ਕੁਲਜੀਤ ਸਿੰਘ ਬੇਦੀ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਸਮੇਤ ਵੱਡੀ ਗਿਣਤੀ ਵਿਚ ਹੋਰ ਕਾਂਗਰਸ ਆਗੂ ਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਾਰ ਤੇ ਟਰੱਕ ਦੀ ਭਿਆਨਕ ਟੱਕਰ ਦੌਰਾਨ ਇੱਕ ਲੜਕੀ ਸਮੇਤ ਚਾਰ ਜਣਿਆਂ ਦੀ ਮੌਤ <br/> ਅਗਲੀ ਖ਼ਬਰ ਕੈਬਨਿਟ ਸਬ-ਕਮੇਟੀ ਵਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।