ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)-ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਵਲੋਂ ਨਵੰਬਰ ਮਹੀਨੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦੇ ਚਾਹਵਾਨ ਸ਼ਰਧਾਲੂਆਂ ਨੂੰ 30 ਅਗਸਤ ਤੱਕ ਆਪਣੇ ਪਾਸਪੋਰਟ ਸੰਸਥਾ ਨੂੰ ਭੇਜਣ ਦੀ ਅਪੀਲ ਕੀਤੀ ਹੈ | ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਦੇ ਪ੍ਰਧਾਨ ਰੋਬਿਨ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ ਮਹੀਨੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਰਤ ਤੋਂ ਜੋ ਵੀ ਸ਼ਰਧਾਲੂ ਪਾਕਿਸਤਾਨ ਵਿਖੇ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਹਨ, ਉਹ ਆਪਣੇ ਪਾਸਪੋਰਟ, 4 ਰੰਗਦਾਰ ਫੋਟੋਆਂ, ਆਧਾਰ ਕਾਰਡ ਦੀ ਕਾਪੀ ਤੇ ਮੋਬਾਈਲ ਨੰਬਰ ਸਮੇਤ 30 ਅਗਸਤ ਤੱਕ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਦੇ ਸਥਾਨਕ ਜੀ. ਟੀ. ਰੋਡ, ਚੌਕ ਪੁਤਲੀਘਰ ਵਿਖੇ ਸਥਿੱਤ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਦੇਣ, ਤਾਂ ਜੋ ਵੀਜ਼ਾ ਪ੍ਰਕਿਰਿਆ ਸਮੇਂ ਸਿਰ ਪੂਰੀ ਕੀਤੀ ਜਾ ਸਕੇ | ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਪ੍ਰੀਤਮ ਸਿੰਘ ਭਾਟੀਆ ਵੀ ਹਾਜ਼ਰ ਸਨ |
ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ <br/>
ਅਜੀਤ ਡੈਸਕ
22-07-2025