ਮਸਤੂਆਣਾ ਸਾਹਿਬ, 21 ਜੁਲਾਈ (ਦਮਦਮੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਹੈ ਕਿ ਬੇਅਦਬੀ ਮਾਮਲੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਇੱਕ ਵੱਖਰਾ ਕਾਨੂੰਨ ਬਣਾਇਆ ਜਾਵੇ, ਕਿਉਂਕਿ ਇਹ ਸਿੱਖਾਂ ਲਈ ਧਾਰਮਿਕ ਗ੍ਰੰਥ ਨਹੀਂ ਹੈ, ਇਹ ਸਿੱਖਾਂ ਲਈ ਵਿਅਕਤੀਗਤ ਤੌਰ 'ਤੇ ਇੱਕ ਗੁਰੂ ਹਨ | ਗੁਰੂ ਦਾ ਨਿਰਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਥਾਨਕ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਸਾਬਕਾ ਪ੍ਰਧਾਨ ਸਵ. ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿਚ ਬਣਾਏ ਗਏ ਸਪੋਰਟਸ ਸਟੇਡੀਅਮ ਤੇ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵਾਰ-ਵਾਰ ਮਿਲ ਰਹੀਆਂ ਧਮਕੀਆਂ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ | ਇਸ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਅੱਤਵਾਦੀ ਸ਼ੁਭਮ ਦੂਬੇ 'ਤੇ ਐਨ.ਐਸ.ਏ. ਤਹਿਤ ਮੁਕੱਦਮਾ ਦਰਜ਼ ਕੀਤਾ ਜਾਣਾ ਚਾਹੀਦਾ ਹੈ ਤੇ ਉਸਨੂੰ ਪੰਜਾਬ, ਹਰਿਆਣਾ ਤੋਂ ਬਾਹਰ ਜੇਲ੍ਹ ਵਿਚ ਬੰਦ ਕਰ ਦੇਣਾ ਚਾਹੀਦਾ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ | ਇਸ ਮੌਕੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ, ਸਕੱਤਰ ਜਸਵੰਤ ਸਿੰਘ ਖਹਿਰਾ, ਬਾਬਾ ਮਲਕੀਤ ਸਿੰਘ, ਬਾਬਾ ਹਰਬੇਅੰਤ ਸਿੰਘ, ਡਾਕਟਰ ਗੁਰਬੀਰ ਸਿੰਘ ਸੋਹੀ, ਦਇਆ ਸਿੰਘ ਲਹੋਰੀਆ, ਭੁਪਿੰਦਰ ਸਿੰਘ ਗਰੇਵਾਲ ਸਮੇਤ ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰ ਮੌਜੂਦ ਸਨ |
ਸ਼ੁਭਮ ਦੂਬੇ 'ਤੇ ਐਨ.ਐਸ.ਏ. ਤਹਿਤ ਮੁਕੱਦਮਾ ਦਰਜ ਕਰ ਕੇ ਪੰਜਾਬ, ਹਰਿਆਣਾ ਤੋਂ ਬਾਹਰ ਜੇਲ੍ਹ ਵਿਚ ਬੰਦ ਕੀਤਾ ਜਾਵੇ -ਗਿਆਨੀ ਹਰਪ੍ਰੀਤ ਸਿੰਘ <br/>
ਅਜੀਤ ਡੈਸਕ
22-07-2025