ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੇ ਇਤਿਹਾਸ ਉਨ੍ਹਾਂ ਦੇ ਨਾਮ 'ਤੇ ਰੱਖੇ ਗਏ ਸਕੂਲਾਂ 'ਚ ਪ੍ਰਦਰਸ਼ਿਤ ਕਰਨ ਦਾ ਵੀ ਫ਼ੈਸਲਾ ਕੀਤਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੇ ਯੋਗਦਾਨ ਤੋਂ ਪ੍ਰੇਰਿਤ ਕੀਤਾ ਜਾ ਸਕੇ, ਨਾਲ ਹੀ ਉਨ੍ਹਾਂ ਦੀ ਵਿਰਾਸਤ ਦਾ ਢੁੱਕਵਾਂ ਸਨਮਾਨ ਕੀਤਾ ਜਾ ਸਕੇ | ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਲੇ੍ਹ ਦੇ ਬਿਆਸ ਪਿੰਡ ਦੇ ਇਕ ਸਕੂਲ ਦਾ ਨਾਮ ਮਹਾਨ ਮੈਰਾਥਨ ਦੌੜਾਕ ਸਰਦਾਰ ਫੌਜਾ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ | ਸੂਬੇ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਦੀ ਵਿਰਾਸਤ ਦਾ ਸਨਮਾਨ ਕਰਨ ਦੇ ਮਕਸਦ ਨਾਲ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਖਿਡਾਰੀਆਂ ਸਮੇਤ ਅਜਿਹੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਨੇ 18 ਜੁਲਾਈ, 2025 ਨੂੰ 25 ਸਰਕਾਰੀ ਸਕੂਲਾਂ ਦਾ ਨਾਮ ਵੱਖ-ਵੱਖ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ ਹੈ |
ਉੱਘੀਆਂ ਸ਼ਖ਼ਸੀਅਤਾਂ ਦੇ ਨਾਂਅ 'ਤੇ ਰੱਖਿਆ ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਂਅ-ਬੈਂਸ <br/>
ਅਜੀਤ ਡੈਸਕ
22-07-2025