ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਤੋਂ ਭਾਜਪਾ ਸਰਕਾਰ ਬਾਜ਼ ਆਵੇ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਮੁੱਦੇ 'ਤੇ ਸਿਰਫ਼ ਸ਼ਬਦਾਂ ਦੀ ਹੇਰਾਫੇਰੀ ਵਾਲੇ ਪੱਤਰਾਂ ਨਾਲ ਆਪਣੇ ਸੰਘਰਸ਼ ਤੋਂ ਨਹੀਂ ਭਟਕਣਗੇ ਅਤੇ ਜਦੋਂ ਤੱਕ ਪੰਜਾਬ ਯੂਨੀਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ, ਜਿਸ ਵਿਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਇਸ ਕਦਮ ਨੂੰ ਸਥਾਪਿਤ ਨਿਯਮਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤਰ ਦੇ ਉੱਚ ਸਿੱਖਿਆ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਸੰਸਥਾਨਾਂ 'ਚੋਂ ਇਕ ਇਸ ਯੂਨੀਵਰਸਿਟੀ ਦੇ ਲੋਕਤੰਤਰੀ ਅਤੇ ਖੁਦਮੁਖਤਿਆਰੀ 'ਤੇ ਸਿੱਧਾ ਹਮਲਾ ਹੈ | ਭਗਵੰਤ ਮਾਨ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਵਰਗੀਆਂ ਪ੍ਰਤੀਨਿਧ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਈ ਵੀ ਕੋਸ਼ਿਸ਼ ਅਕਾਦਮਿਕ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਭਾਈਵਾਲੀ ਦੀ ਅਣਦੇਖੀ ਕਰਨ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਕਾਨੂੰਨੀ ਲੜਾਈ ਨਹੀਂ ਹੈ, ਸਗੋਂ ਪੰਜਾਬ ਯੂਨੀਵਰਸਿਟੀ 'ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ |