ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਆਪਣੇ ਸਿਆਸੀ ਪ੍ਰਚਾਰ ਲਈ ਲਗਾਏ ਬੈਨਰਾਂ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਦੀ ਤਸਵੀਰ ਵਰਤਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀਆਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ | ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਪਰ ਕਿਸੇ ਸ਼ਖ਼ਸ ਦੀ ਤਸਵੀਰ ਲਗਾਉਣਾ ਵੱਡੀ ਕੁਤਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਰਾਜਨੀਤਕ ਮਨੋਰਥ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਨੇਤਾਵਾਂ ਦੀਆਂ ਤਸਵੀਰਾਂ ਲਗਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ |