ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਜੇ.ਐਸ. ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਮਟਨ ਸਾਹਿਬ ਅਨੰਤਨਾਗ ਸ੍ਰੀਨਗਰ ਤੋਂ ਆਰੰਭ ਹੋਏ 'ਪੁਕਾਰ ਦਿਵਸ ਨਗਰ ਕੀਰਤਨ' ਦੀ ਬੀਤੀ ਦੇਰ ਰਾਤ ਢਾਈ ਵਜੇ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਜਜ਼ਬਾਤੀ ਤੇ ਰੂਹਾਨੀਅਤ ਭਰੇ ਮਾਹੌਲ ਵਿਚ ਸਮਾਪਤੀ ਹੋਈ | ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਰ ਕੀਰਤਨ ਪੁੱਜਣ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਵਲੋਂ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਜਥੇਦਾਰ ਗੜਗੱਜ ਵਲੋਂ ਕੀਤੀ ਗਈ | ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਮਟਨ ਸਾਹਿਬ ਸ੍ਰੀਨਗਰ ਤੋਂ ਸਜਾਇਆ ਗਿਆ ਨਗਰ ਕੀਰਤਨ ਪੰਡਤ ਕਿਰਪਾ ਰਾਮ ਦੇ ਕਸ਼ਮੀਰੀ ਪੰਡਤਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਪਾਸ ਕੀਤੀ ਪੁਕਾਰ ਨੂੰ ਸਮਰਪਿਤ ਹੈ | ਇਸ ਮੌਕੇ ਕਾਰਜਕਾਰਨੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸੁਖਬੀਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਵਧੀਕ ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਮੀਤ ਮੈਨੇਜਰ ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸਨ |