ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਤਰਨ ਤਾਰਨ ਦੇ ਸੈਸ਼ਨ ਜੱਜ ਵਲੋਂ ਸੁਣਾਈ ਗਈ ਚਾਰ ਸਾਲ ਦੀ ਸਜ਼ਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ ਦੀ ਸੁਣਵਾਈ 17 ਦਸੰਬਰ ਨੂੰ ਕੀਤੀ ਜਾਵੇਗੀ | ਜਦਕਿ ਇਸ ਪਟੀਸ਼ਨ ਦੇ ਨਾਲ ਸਜ਼ਾ ਮੁਆਫ਼ੀ ਅਤੇ ਜ਼ਮਾਨਤ ਦੀਆਂ ਲਗਾਈਆਂ ਗਈਆਂ ਅਰਜ਼ੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਇਹ ਕਹਿ ਕੇ ਮੁਲਤਵੀ ਕੀਤਾ ਗਿਆ ਹੈ ਕਿ ਇਸ ਨੂੰ ਮੁੱਖ ਅਪੀਲ ਦੇ ਨਾਲ ਹੀ ਸੁਣਿਆ ਜਾਵੇਗਾ | ਸੀਨੀਅਰ ਵਕੀਲ ਮਨਮੋਹਨ ਸਿੰਘ ਠੁਕਰਾਲ ਅਤੇ ਸੀਨੀਅਰ ਐਡਵੋਕੇਟ ਨਵਜੋਤ ਕੌਰ ਚੱਬਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਦੇ ਮਾਮਲੇ ਵਿਚ ਤਰ੍ਹਾਂਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਦਕਿ ਅਸਲ ਸੱਚਾਈ ਇਹ ਹੈ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਸੈਸ਼ਨ ਅਦਾਲਤ ਦੁਆਰਾ ਸੁਣਾਈ ਗਈ ਚਾਰ ਸਾਲ ਦੀ ਸਜ਼ਾ ਖ਼ਿਲਾਫ਼ ਹਾਈ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਇਸ ਦੇ ਨਾਲ ਹੀ ਇਕ ਅਰਜ਼ੀ ਸਜ਼ਾ ਮੁਆਫ਼ੀ ਅਤੇ ਜ਼ਮਾਨਤ ਲਈ ਵੀ ਲਗਾਈ ਗਈ ਸੀ | ਇਸ ਤੋਂ ਇਲਾਵਾ ਇਸ ਕੇਸ ਵਿਚ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਲੋਂ ਵੀ ਅਦਾਲਤ ਵਿਚ ਸਜ਼ਾ ਦੇ ਖ਼ਿਲਾਫ਼ ਪਟੀਸ਼ਨਾਂ ਦਾਖਲ ਕੀਤੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ 17 ਦਸੰਬਰ ਨੂੰ ਇਸ ਮਾਮਲੇ ਵਿਚ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ |