ਐੱਸ. ਏ. ਐੱਸ. ਨਗਰ, 20 ਨਵੰਬਰ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ | ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਆਪਣੀ ਰਡਾਰ 'ਤੇ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਅਦਾਲਤ ਨੇ ਵਿਜੀਲੈਂਸ ਬਿਊਰੋ ਵਲੋਂ ਦਾਇਰ ਅਰਜ਼ੀ 'ਤੇ ਗਜਪਤ ਸਿੰਘ ਗਰੇਵਾਲ ਵਿਰੁੱਧ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਹਨ, ਜਿਸ ਦੀ ਮਿਆਦ 29 ਨਵੰਬਰ ਤੱਕ ਹੈ | ਸੂਤਰਾਂ ਅਨੁਸਾਰ ਬਿਕਰਮ ਸਿੰਘ ਮਜੀਠੀਆ ਵਲੋਂ ਉਨ੍ਹਾਂ ਦੇ ਮੰਤਰੀ ਰਹਿੰਦਿਆਂ ਹਾਸਿਲ ਕੀਤੇ ਗਏ ਗ਼ੈਰਕਾਨੂੰਨੀ ਵਿੱਤੀ ਲਾਭ ਨੂੰ ਗਜਪਤ ਸਿੰਘ ਗਰੇਵਾਲ ਦੇ ਨਾਂਅ 'ਤੇ ਚੱਲ ਰਹੇ ਕਾਰੋਬਾਰਾਂ ਵਿਚ ਨਿਵੇਸ਼ ਕੀਤਾ ਗਿਆ ਸੀ, ਜਿਸ ਕਾਰਨ ਹੁਣ ਵਿਜੀਲੈਂਸ ਬਿਊਰੋ ਗਜਪਤ ਸਿੰਘ ਨੂੰ ਗਿ੍ਫ਼ਤਾਰ ਕਰਨ ਲਈ ਉਸ ਦੀ ਭਾਲ ਕਰ ਰਹੀ ਹੈ | ਦੱਸ ਦਈਏ ਕਿ ਇਸ ਤੋਂ ਪਹਿਲਾਂ ਗਜਪਤ ਸਿੰਘ ਗਰੇਵਾਲ ਮਾਮਲੇ ਦੀ ਜਾਂਚ ਵਿਚ ਸਹਿਯੋਗ ਦੇਣ ਲਈ ਵਿਜੀਲੈਂਸ ਦੇ ਅਧਿਕਾਰੀਆਂ ਅੱਗੇ ਦੋ ਵਾਰ ਪੇਸ਼ ਹੋ ਚੁੱਕੇ ਹਨ, ਪ੍ਰੰਤੂ ਜਦੋਂ ਉਨ੍ਹਾਂ ਨੂੰ ਮੁੜ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਤਾਂ ਉਹ ਨਹੀਂ ਆਏ | ਇਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਸ਼ੁਰੂ ਕੀਤੀ ਹੈ |