ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ-ਸੰਧੂ
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ 'ਆਪ' ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ | ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ | ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ | ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਸਪੀਕਰ ਨੇ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੱੁਭਕਾਮਨਾਵਾਂ ਵੀ ਦਿੱਤੀਆਂ ਅਤੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਨਵੇਂ ਚੁਣੇ ਵਿਧਾਇਕ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ |
ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਚੁਕਾਈ ਸਹੁੰ <br/>
ਅਜੀਤ ਡੈਸਕ
21-11-2025