ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਭਲਕੇ 21 ਨਵੰਬਰ ਨੂੰ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ 'ਤੇ ਸੁਣਵਾਈ ਕਰੇਗਾ, ਜੋ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਇਸ ਮਾਮਲੇ ਦੀ ਸੁਣਵਾਈ ਅੱਜ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਦੇ ਸਾਹਮਣੇ ਹੋਈ। ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿਚ ਸ਼ਾਮਿਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ, ਐਨ.ਐਸ.ਏ. ਦੀ ਧਾਰਾ 15 ਦਾ ਹਵਾਲਾ ਦਿੱਤਾ ਹੈ, ਜਿਸ ਦੇ ਤਹਿਤ ਅਸਾਧਾਰਨ ਹਾਲਾਤ ਵਿਚ ਪੈਰੋਲ ਦਿੱਤੀ ਜਾ ਸਕਦੀ ਹੈ। ਸੁਣਵਾਈ ਦੌਰਾਨ, ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਪਿਛਲੀ ਪਟੀਸ਼ਨ ਵਿਚ ਹਾਈ ਕੋਰਟ ਨੇ ਉਨ੍ਹਾਂ ਨੂੰ ਲੋਕ ਸਭਾ 'ਚ ਢੁਕਵੀਂ ਪ੍ਰਤੀਨਿਧਤਾ ਭੇਜਣ ਦੀ ਇਜਾਜ਼ਤ ਦਿੱਤੀ ਸੀ, ਜੋ ਹੁਣ ਭੇਜ ਦਿੱਤੀ ਗਈ ਹੈ। ਬੈਂਚ ਨੇ ਫਿਰ ਪੁੱਛਿਆ ਕਿ ਉਨ੍ਹਾਂ ਦੇ ਐਨ.ਐੱਸ.ਏ ਹਿਰਾਸਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਕੀ ਹੋਇਆ ਹੈ। ਚੀਫ਼ ਜਸਟਿਸ ਨੇ ਕਿਹਾ ਜਦੋਂ ਤੱਕ ਨਜ਼ਰਬੰਦੀ 'ਤੇ ਰੋਕ ਨਹੀਂ ਲਗਾਈ ਜਾਂਦੀ, ਉਹ ਸੰਸਦ ਵਿਚ ਕਿਵੇਂ ਹਾਜ਼ਰ ਹੋਣਗੇ? ਵਕੀਲ ਨੇ ਜਵਾਬ ਦਿੱਤਾ ਕਿ ਦੋਵੇਂ ਮਾਮਲੇ ਵੱਖਰੇ ਹਨ ਅਤੇ ਸੰਸਦ ਵਿਚ ਹਾਜ਼ਰ ਹੋਣ ਲਈ ਧਾਰਾ 15 ਤਹਿਤ ਰਾਹਤ ਮੰਗੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਨੂੰ ਪਹਿਲਾਂ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਰਿਹਾਈ ਦਿੱਤੀ ਗਈ ਸੀ।
ਹਾਈ ਕੋਰਟ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ 'ਤੇ ਸੁਣਵਾਈ ਅੱਜ
ਅਜੀਤ ਡੈਸਕ
21-11-2025