ਚੰਡੀਗੜ੍ਹ, 3 ਦਸੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਇਕ ਉੱਚ ਪੱਧਰੀ ਵਫ਼ਦ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਚੋਣ ਕਮਿਸ਼ਨਰ ਡਾ. ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ | ਵਫ਼ਦ ਦੀ ਅਗਵਾਈ ਸਾਬਕਾ ਆਈ.ਏ.ਐਸ ਅਤੇ ਪਾਰਟੀ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਕੀਤੀ | ਇਸ ਮੁਲਾਕਾਤ ਦੌਰਾਨ ਵਫ਼ਦ ਨੇ ਪੰਜਾਬ 'ਚ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ 'ਆਪ' ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਵਿਸਤਿ੍ਤ ਪੱਤਰ ਸੌਂਪਿਆ | ਵਫ਼ਦ ਵਲੋਂ ਸੌਂਪੇ ਗਏ ਪੱਤਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਪੂਰੀ ਨਿਰਪੱਖਤਾ ਅਤੇ ਪੂਰੀ ਚੋਣੀ ਪ੍ਰਕਿਰਿਆ ਦੀ ਲਾਜ਼ਮੀ ਵੀਡੀਓਗ੍ਰਾਫ਼ੀ ਕਰਨ ਦੀ ਮੰਗ ਕੀਤੀ ਗਈ | ਵਫ਼ਦ ਵਿਚ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜਸਮੀਨ ਸੰਧਾਵਾਲੀਆ, ਸੂਬਾ ਸਕੱਤਰ ਸੰਜੀਵ ਖੰਨਾ, ਭਾਨੁ ਪ੍ਰਤਾਪ, ਸੂਬਾ ਸਹਿ-ਖਜਾਂਚੀ ਸੁਖਵਿੰਦਰ ਸਿੰਘ ਗੋਲਡੀ, ਸੂਬਾ ਕਨਵੀਨਰ (ਲੀਗਲ ਸੈੱਲ) ਐਨ.ਕੇ. ਵਰਮਾ, ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਅਤੇ ਸੀਨੀਅਰ ਆਗੂ ਬੀਬੀ ਪਰਮਪਾਲ ਕੌਰ ਅਤੇ ਸਾਬਕਾ ਡੀ.ਜੀ.ਪੀ ਪਰਮਦੀਪ ਸਿੰਘ ਗਿੱਲ ਵੀ ਮੌਜੂਦ ਰਹੇ | ਚੋਣ ਕਮਿਸ਼ਨਰ ਨੂੰ ਦਿੱਤੇ ਪੱਤਰ ਵਿਚ ਅਸ਼ਵਨੀ ਸ਼ਰਮਾ ਨੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਕਿ ਕਈ ਰਿਟਰਨਿੰਗ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਕਥਿਤ ਤੌਰ 'ਤੇ ਆਮ ਆਦਮੀ ਪਾਰਟੀ ਦੇ ਦਬਾਅ ਹੇਠ ਕੰਮ ਕਰ ਰਹੇ ਹਨ, ਜਿਸ ਕਾਰਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰਨ 'ਚ ਰੁਕਾਵਟਾਂ ਅਤੇ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ |
ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਭਾਜਪਾ ਵਲੋਂ ਸੂਬਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ <br/>
ਅਜੀਤ ਡੈਸਕ
04-12-2025