ਚੰਡੀਗੜ੍ਹ, 3 ਦਸੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਇਕ ਵਫਦ ਵਲੋਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਇਕ ਸ਼ਿਕਾਇਤ ਦਿੱਤੀ ਗਈ ਹੈ ਜਿਸ ਵਿਚ ਅਕਾਲੀ ਦਲ ਦੇ ਆਗੂਆਂ ਵਲੋਂ ਚੋਣ ਅਫ਼ਸਰਾਂ 'ਤੇ ਗੰਭੀਰ ਦੋਸ਼ ਲਗਾਏ ਗਏ ਹਨ | ਇਸ ਸੰਬੰਧੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਪਾਰਟੀ ਵਫ਼ਦ ਨੇ ਰਾਜ ਚੋਣ ਕਮਿਸ਼ਨ (ਐਸ. ਸੀ. ਈ.) ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਵੱਖ-ਵੱਖ ਜ਼ਿਲਿ੍ਹਆਂ ਵਿਚ ਚੋਣ ਅਧਿਕਾਰੀ ਸਹਿਯੋਗ ਨਹੀਂ ਕਰ ਰਹੇ ਅਤੇ ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ | ਇਸ ਵਫ਼ਦ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਸ਼ਾਮਿਲ ਸਨ | ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿ੍ਹਆਂ ਤੋਂ ਪਾਰਟੀ ਦੇ ਧਿਆਨ ਵਿਚ ਆਇਆ ਹੈ ਕਿ ਵੱਖ-ਵੱਖ ਜ਼ਿਲਿ੍ਹਆਂ ਵਿਚ ਅਫ਼ਸਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਕੰਮ 'ਚ ਸਹਿਯੋਗ ਨਹੀਂ ਕਰ ਰਹੇ | ਉਨ੍ਹਾਂ ਕਿਹਾ ਕਿ ਕਾਨੂੰਨੀ ਨਿਯਮਾਂ ਦੀ ਜਿੱਤ ਹੋਵੇਗੀ ਅਤੇ ਸੱਤਾਧਾਰੀ ਪਾਰਟੀ ਦੇ ਕਹਿਣ 'ਤੇ ਗੈਰ ਕਾਨੂੰਨੀ ਤਰੀਕੇ ਕੰਮ ਕਰਨ ਵਾਲਿਆਂ ਨੂੰ ਅਦਾਲਤਾਂ ਵਿਚ ਜਵਾਬਦੇਹ ਹੋਣਾ ਪਵੇਗਾ |
ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ <br/>
ਅਜੀਤ ਡੈਸਕ
04-12-2025