ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸਰਕਾਰ ਨੇ ਪਤੰਗ ਉਡਾਉਣ ਦੀ ਇਜਾਜ਼ਤ ਦੇਣ ਵਾਲਾ ਕਾਨੂੰਨ ਜਾਰੀ ਕੀਤਾ ਹੈ, ਜਿਸ 'ਚ ਪੰਜਾਬ ਦੇ ਰਾਜਪਾਲ ਦੁਆਰਾ ਦਸਤਖ਼ਤ ਕੀਤੇ ਗਏ ਇਕ ਆਰਡੀਨੈਂਸ ਰਾਹੀਂ ਬਸੰਤ ਮਨਾਉਣ ਲਈ ਸ਼ਰਤੀਆ ਪ੍ਰਵਾਨਗੀ ਦਿੱਤੀ ਗਈ ਹੈ | ਉਕਤ ਆਰਡੀਨੈਂਸ 'ਚ ਬਸੰਤ ਮਨਾਉਣ ਲਈ ਖ਼ਾਸ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿਸ 'ਚ ਉਲੰਘਣਾਵਾਂ ਲਈ ਸਖ਼ਤ ਸਜ਼ਾਵਾਂ ਵੀ ਰੱਖੀਆਂ ਗਈਆਂ ਹਨ | ਦੱਸਿਆ ਜਾ ਰਿਹਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਤੰਗ ਉਡਾਉਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਪਾਲਣਾ ਨਾ ਕਰਨ ਦੀ ਸੂਰਤ 'ਚ ਉਨ੍ਹਾਂ ਦੇ ਸਰਪ੍ਰਸਤ ਜ਼ਿੰਮੇਵਾਰ ਹੋਣਗੇ | ਆਰਡੀਨੈਂਸ ਮੁਤਾਬਿਕ ਪਤੰਗ ਉਡਾਉਣ ਦੀ ਇਜਾਜ਼ਤ ਸਿਰਫ਼ ਸੂਤੀ ਧਾਗਿਆਂ ਦੀ ਵਰਤੋਂ ਕਰਕੇ ਹੀ ਦਿੱਤੀ ਜਾਵੇਗੀ | ਧਾਤੂ ਜਾਂ ਤਿੱਖੇ ਧਾਗਿਆਂ ਦੀ ਵਰਤੋਂ ਸਖ਼ਤੀ ਨਾਲ ਮਨਾਹੀ ਹੈ ਅਤੇ ਸਖ਼ਤ ਸਜ਼ਾਵਾਂ ਹੋਣਗੀਆਂ | ਕਾਨੂੰਨ ਦੀ ਉਲੰਘਣਾ ਕਰਨ 'ਤੇ 3 ਤੋਂ 5 ਸਾਲ ਦੀ ਕੈਦ ਅਤੇ 20 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ | 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਪਹਿਲੇ ਅਪਰਾਧ 'ਤੇ 50 ਹਜ਼ਾਰ ਰੁਪਏ ਅਤੇ ਦੂਜੇ ਅਪਰਾਧ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਹੋਵੇਗਾ | ਜੁਰਮਾਨੇ ਦੀ ਅਦਾਇਗੀ ਨਾ ਕਰਨ 'ਤੇ ਸਰਪ੍ਰਸਤਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ |