ਅੰਮਿ੍ਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਪੰਜਾਬ ਸਰਕਾਰ ਵਲੋਂ ਪੈਰੋਲ ਰੱਦ ਕੀਤੇ ਜਾਣ ਦੇ ਵਿਰੋਧ 'ਚ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਸਥਾਨਕ ਰਣਜੀਤ ਐਵੀਨਿਊ ਤੋਂ ਡਿਪਟੀ ਕਮਿਸ਼ਨਰ ਡੀ. ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਕੁਝ ਸਮੇਂ ਲਈ ਰੋਸ ਧਰਨਾ ਦੇਣ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਰੋਸ ਮਾਰਚ ਵਿਚ ਕਈ ਪਾਰਟੀ ਵਰਕਰ ਰੋਸ ਵਜੋਂ ਗਲਾਂ ਵਿਚ ਸੰਗਲ ਪਾ ਕੇ ਦਸਤਾਰਾਂ 'ਤੇ ਕਾਲੀਆਂ ਪੱਟੀਆਂ ਬੰਨ ਕੇ ਸ਼ਾਮਿਲ ਹੋਏ | ਡੀ. ਸੀ. ਦਫ਼ਤਰ ਦੇ ਬਾਹਰ ਦਿੱਤੇ ਗਏ ਰੋਸ ਧਰਨੇ ਦੌਰਾਨ ਬਾਪੂ ਤਰਸੇਮ ਸਿੰਘ, ਪਰਮਜੀਤ ਸਿੰਘ ਜੌਹਲ ਸਮੇਤ ਹੋਰ ਆਗੂਆਂ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਰਾਜਨੀਤਿਕ ਧੱਕੇਸ਼ਾਹੀ ਤੇ ਪੈਰੋਲ ਰੱਦ ਕਰਨ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ ਗਿਆ ਅਤੇ ਡੀ. ਸੀ. ਨੂੰ ਦਿੱਤੇ ਮੰਗ ਪੱਤਰ ਦੇ ਰਾਹੀਂ ਭਾਰਤ ਦੇ ਰਾਸ਼ਟਰਪਤੀ, ਲੋਕ ਸਭਾ ਸਪੀਕਰ ਅਤੇ ਪੰਜਾਬ ਦੇ ਰਾਜਪਾਲ ਤੋਂ ਤੁਰੰਤ ਦਖ਼ਲ ਦੇਕੇ ਨਿਆਂ ਦੀ ਮੰਗ ਕੀਤੀ ਗਈ | ਇਸ ਮੌਕੇ ਪਾਰਟੀ ਦੇ ਕਾਰਜਕਰਨੀ ਕਮੇਟੀ ਮੈਂਬਰ ਸ਼ਮਸ਼ੇਰ ਸਿੰਘ ਪੱਧਰੀ ਸਮੇਤ ਹੋਰ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ |
ਭਾਈ ਅੰਮਿ੍ਤਪਾਲ ਸਿੰਘ ਨੂੰ ਪੈਰੋਲ ਨਾ ਦੇਣ 'ਤੇ ਰੋਸ ਮਾਰਚ ਕਰਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/>
ਅਜੀਤ ਡੈਸਕ
04-12-2025