ਇਆਲੀ/ਥਰੀਕੇ (ਲੁਧਿਆਣਾ), 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੀ ਯਾਦ ਵਿਚ ਦੇਸ਼ ਭਰ ਵਿਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਜਪਾ ਪੰਜਾਬ ਅੰਦਰ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ 14 ਦਸੰਬਰ ਨੂੰ ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਇਨ੍ਹਾਂ ਦੇ ਆਉਣ ਵਾਲੇ ਨਤੀਜੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਲਈ ਵਰਕਰਾਂ ਨੂੰ ਲਾਮਬੰਦ ਕਰਨ ਵਿਚ ਸਹਾਈ ਹੋਣਗੇ | ਕੈਪਟਨ ਅਮਰਿੰਦਰ ਸਿੰਘ ਦੇ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਦਿੱਤੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਸੀਨੀਅਰ ਆਗੂ ਹਨ, ਉਨ੍ਹਾਂ ਨੇ ਆਪਣੀ ਸਮਝ ਦੇ ਆਧਾਰ 'ਤੇ ਬਿਆਨ ਦਿੱਤਾ ਹੋਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ, ਭਾਜਪਾ ਆਪਣੇ ਦਮ ਤੇ 117 ਸੀਟਾਂ 'ਤੇ ਇਕੱਲੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ | ਇਸ ਮੌਕੇ ਸੀਨੀਅਰ ਭਾਜਪਾ ਨੇਤਾ ਪ੍ਰਵੀਨ ਬਾਂਸਲ, ਗੁਰਦੀਪ ਸਿੰਘ ਗੋਸ਼ਾ, ਸਾਬਕਾ ਕੌਂਸਲਰ ਮੱਲ੍ਹੀ ਵੀ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਨਾਲ ਸਨ |
ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ-ਤਰੁਣ ਚੁੱਘ <br/>
ਅਜੀਤ ਡੈਸਕ
04-12-2025