ਲੁਧਿਆਣਾ, 8 ਦਸੰਬਰ (ਜਸਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵਲੋਂ ਰਾਜ ਭਰ ਦੇ ਕਿਸਾਨਾਂ ਤੋਂ ਮਾਰਚ 2026 ਵਿਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਹੈ | ਇਹ ਪੁੁਰਸਕਾਰ ਮਾਰਚ 2026 ਦੇ ਪੀ.ਏ.ਯੂ. ਕਿਸਾਨ ਮੇਲੇ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਦਿੱਤੇ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਵਿਚ ਮੁੱਖ ਮੰਤਰੀ ਖੇਤੀ ਪੁਰਸਕਾਰ ਪ੍ਰਮੁੱਖ ਹੈ | ਇਸ ਪੁਰਸਕਾਰ ਵਿਚ 25,000 ਰੁਪਏ ਅਤੇ ਪ੍ਰਸ਼ੰਸਾ ਪੱਤਰ ਪੰਜਾਬ ਦੇ ਉਸ ਕਿਸਾਨ ਨੂੰ ਦਿੱਤਾ ਜਾਵੇਗਾ | ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਕਿਹਾ ਮਾਰਚ 2026 ਵਿਚ ਦਿੱਤੇ ਜਾਣ ਵਾਲੇ ਇਨ੍ਹਾਂ ਇਨਾਮਾਂ ਲਈ ਜਿਹੜੇ ਕਿਸਾਨ ਫਾਰਮ ਭਰਨਾ ਚਾਹੁੰਦੇ ਹਨ ਉਹ ਪੀ.ਏ.ਯੂ. ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਡਿਪਟੀ ਡਾਇਰੈਕਟਰ, ਖੇਤਰੀ ਖੋਜ ਸਟੇਸ਼ਨ ਦੇ ਨਿਰਦੇਸ਼ਕ, ਜ਼ਿਲ੍ਹਾ ਪਸਾਰ ਮਾਹਿਰ, ਮੁੱਖ ਖੇਤੀਬਾੜੀ ਅਫ਼ਸਰ, ਬਾਗ਼ਬਾਨੀ ਦੇ ਡਿਪਟੀ ਡਾਇਰੈਕਟਰ ਅਤੇ ਪੀ.ਏ.ਯੂ. ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਹ ਫਾਰਮ ਹਾਸਲ ਕਰ ਸਕਦੇ ਹਨ | ਇਨ੍ਹਾਂ ਫਾਰਮਾਂ ਨੂੰ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਦੇ ਦਫ਼ਤਰ ਪਹੁੰਚਾਉਣ ਦੀ ਆਖ਼ਰੀ ਮਿਤੀ 31 ਦਸੰਬਰ ਹੈ |