ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 5 ਗ੍ਰਾਮ ਹੈਰੋਇਨ ਬਰਾਮਦ ਕਰ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਾਦਿੱਤਾ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸੰਬੰਧ ਵਿਚ ਕੋਟਕਪੂਰਾ-ਜਲਾਲਾਬਾਦ ਬਾਈਪਾਸ 'ਤੇ ਜਲਾਲਾਬਾਦ ਰੋਡ ਵੱਲ ਜਾ ਰਹੀ ਸੀ ਤਾਂ ਰਸਤੇ ਵਿਚ ਇਕ ਨੌਜਵਾਨ ਲਿਫ਼ਾਫ਼ਾ ਫ਼ੜ੍ਹ ਕੇ ਬੈਠਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਸੋਨੂੰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |