ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਜ਼ਮੀਨੀ ਪੱਧਰ 'ਤੇ ਪੁੱਜਦੀਆਂ ਕਰਨ ਲਈ ਅਥਾਰਿਟੀ ਵਚਨਬੱਧ ਹੈ | ਨੈਸ਼ਨਲ ਲੋਕ ਅਦਾਲਤ, ਵਿਕਟਮ ਕੰਪਨਸੇਸ਼ਨ ਸਕੀਮ, ਏ. ਡੀ. ਆਰ. ਮੈਕੇਨਿਜਮ ਆਦਿ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬੰਧਿਤ ਵਿਭਾਗ ਵੀ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਪ੍ਰਚਾਰ ਕਰਨ ਨੂੰ ਤਰਜੀਹ ਦੇਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਿਸ਼ਨ ਸਰੂਪ ਮਾਣਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਕੀਤਾ ਗਿਆ | ਉਹ ਅੱਜ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਉਨ੍ਹਾਂ ਵਲੋਂ ਓਵਰ ਕਰਾਊਡਿੰਗ ਇਨ ਜੇਲ੍ਹ, ਜੁਵੇਨਾਈਲ ਜਸਟਿਸ ਬੋਰਡ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਨਾਲ ਸਬੰਧਿਤ ਵੀ ਮੀਟਿੰਗਾਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰ ਕੇ ਲਾਹਾ ਪਹੁੰਚਾਇਆ ਜਾਵੇ |