ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਹਾਲ ਵਿਚ ਹੋਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿਚ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬੇਅਦਬੀ ਖ਼ਿਲਾਫ਼ ਬਿੱਲ ਦੀ ਪਰੋੜ੍ਹਤਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਦਸ ਗੁਰੂ ਸਾਹਿਬਾਨਾਂ ਦੀ ਸਿੱਖਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਜੋ ਸਾਡੇ ਜੀਵਨ ਨੂੰ ਜਿਊਣ ਦੀ ਜਾਂਚ ਸਿਖਾਉਂਦਾ ਹੈ ਪਰ ਪਿੱਛੋਂ ਨਾ ਲੰਘੀਆਂ ਸਰਕਾਰਾਂ ਦੀ ਬੇਧਿਆਨੀ ਕਾਰਨ ਕਈ ਜਗ੍ਹਾ 'ਤੇ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਈ ਹੈ ਜੋ ਕਿ ਨਾ ਸਹਿਣਯੋਗ ਹੈ | ਉਨ੍ਹਾਂ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਦਿਲੋਂ ਧੰਨਵਾਦ ਕਰਦੇ ਹਨ ਮੁੱਖ ਮੰਤਰੀ ਦਾ, ਜਿਨ੍ਹਾਂ ਨੇ ਵਿਧਾਨ ਸਭਾ ਦੇ ਪਵਿੱਤਰ ਸੈਸ਼ਨ ਵਿਚ ਇਹ ਬੇਅਦਬੀ ਖ਼ਿਲਾਫ਼ ਉਮਰ ਕੈਦ ਦਾ ਮਤਾ ਲਿਆਂਦਾ | ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਰਬਉੱਚ ਹੈ, ਦੀ ਮਰਿਆਦਾ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ |