ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਵਾਰਡ ਨੰਬਰ 50 ਅਧੀਨ ਆਉਂਦੀ ਗਰੀਨ ਗਰੋਵਰ ਵਾਲੀ ਗਲੀ 'ਚ 25 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਲਈ ਸਬਮਰਸੀਬਲ ਬੋਰ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਕੌਂਸਲਰ ਜਸਵਿੰਦਰ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਵਲੰਟੀਅਰ ਮੌਜੂਦ ਸਨ | ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਅਤੇ ਪੀਣ ਵਾਲੇ ਪਾਣੀ ਦੀ ਮੰਗ ਨੂੰ ਦੇਖਦੇ ਹੋਏ ਅੱਜ ਜਸਵਿੰਦਰ ਸਿੰਘ ਦੇ ਵਾਰਡ 50 'ਚ ਸਬਮਰਸੀਬਲ ਬੋਰ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਕੁਝ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ ਵਾਰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਜੇਕਰ ਵਾਰਡ ਦੇ ਕਿਸੇ ਵੀ ਨਿਵਾਸੀ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ 'ਚ ਲਿਆਂਦੀ ਜਾਵੇ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਮੇਅਰ ਬਲਜੀਤ ਸਿੰਘ ਚਾਨੀ ਦਾ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਕਰਾਉਣ ਲਈ ਧੰਨਵਾਦ ਕੀਤਾ |