ਮੋਗਾ, 7 ਨਵੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਰਹੇ ਤੇ ਸਿੱਖਿਆ ਵਿਭਾਗ ਅਧੀਨ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਕੇਂਦਰ ਸਰਕਾਰ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਤੇ ਸਿੰਡੀਕੇਟ ਢਾਂਚੇ ਨੂੰ ਬਦਲਣ ਦੇ ਫ਼ੈਸਲੇ ਦੀ ਪੁਰਜੋਰ ਨਿਖੇਧੀ ਕੀਤੀ ਗਈ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਮੂਹਰੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਜਮਹੂਰੀ ਹੱਕ ਖੋਹ ਰਹੀ ਹੈ ਤੇ ਪੰਜਾਬ ਦੀ ਵਿਰਾਸਤ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਪੂਰਨ ਤੌਰ 'ਤੇ ਖੋਹਣ ਦੀ ਤਿਆਰੀ ਵਿੱਚ ਹੈ, ਜਿਸ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਪਿਆਰ ਕਰਨ ਵਾਲਾ ਕੋਈ ਵੀ ਦੇਸ਼ਵਾਸੀ ਕਦੇ ਮਨਜ਼ੂਰ ਨਹੀਂ ਕਰੇਗਾ | ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਇਸ ਫ਼ੈਸਲੇ ਨੂੰ ਪੂਰਨ ਤੌਰ 'ਤੇ ਰੱਦ ਕੀਤਾ ਜਾਵੇ ਤੇ ਪੰਜਾਬ ਯੂਨੀਵਰਸਿਟੀ ਦਾ ਪੂਰਨ ਕੰਟਰੋਲ ਪੰਜਾਬ ਦੇ ਹੱਥਾਂ ਵਿਚ ਦਿੱਤਾ ਜਾਵੇ | ਇਸ ਮੌਕੇ ਰਵਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ ਗਿੱਲ, ਜਗਦੀਪ ਸਿੰਘ ਗਿੱਲ, ਬਲਜੀਤ ਸਿੰਘ ਸੇਖਾ, ਗੁਰਮੀਤ ਸਿੰਘ, ਮੈਡਮ ਪ੍ਰੀਤੀ ਸ਼ਰਮਾ, ਰਿਸ਼ੀ ਅਗਰਵਾਲ, ਸਮੀਰ ਸਿੰਗਲਾ, ਸੁਨੀਲ ਕੁਮਾਰ, ਰਾਕੇਸ਼ ਕੁਮਾਰ, ਸਚਿਨ, ਬੂਟਾ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |