ਬਾਘਾ ਪੁਰਾਣਾ, 19 ਨਵੰਬਰ (ਟਿੰਕੂ ਕਾਠਪਾਲ, ਗੁਰਮੀਤ ਸਿੰਘ ਮਾਣੰੂਕੇ)-ਪਿੰਡ ਚੰਦ ਨਵਾਂ ਵਿਖੇ ਇਕ ਨੌਜਵਾਨ ਦੇ ਕਤਲ ਮਾਮਲੇ ਨੂੰ ਲੈ ਕੇ ਲੋਕਾਂ ਦਾ ਗ਼ੁੱਸਾ ਅੱਜ ਸਥਾਨਕ ਬਾਘਾ ਪੁਰਾਣਾ ਸ਼ਹਿਰ ਦੇ ਆਮ ਜੀਵਨ ਉੱਤੇ ਸੰਖੇਪ ਪ੍ਰਭਾਵ ਪਾਉਂਦਾ ਨਜ਼ਰ ਆਇਆ | ਇਨਸਾਫ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਸਵੇਰੇ ਤੋਂ ਬਾਘਾ ਪੁਰਾਣਾ ਦੇ ਮੁੱਖ ਲਾਈਟਾਂ ਵਾਲੇ ਚੌਂਕ ਵਿਚ ਧਰਨਾ ਲਗਾਇਆ ਗਿਆ, ਜਿਸ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਲੋਕਾਂ ਨੇ ਜ਼ਬਰਦਸਤ ਰੋਸ ਪ੍ਰਗਟ ਕੀਤਾ | ਧਰਨਾ ਲੱਗਦੇ ਹੀ ਚੌਕ ਪੂਰੀ ਤਰ੍ਹਾਂ ਬੰਦ ਹੋ ਗਿਆ ਤੇ ਕੱੁਝ ਹੀ ਸਮੇਂ ਵਿਚ ਹਾਈਵੇ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ | ਸ਼ਹਿਰ ਵਿਚ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਮਰੀਜ਼ਾਂ, ਵਿਦਿਆਰਥੀਆਂ, ਕਾਰੋਬਾਰੀਆਂ ਅਤੇ ਦੂਰੋਂ ਆਉਣ ਜਾਣ ਵਾਲੇ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਪਿੰਡ ਚੰਦ ਨਵਾਂ ਦੇ ਰਹਿਣ ਵਾਲੇ ਨੌਜਵਾਨ ਦੇ ਕਤਲ ਦੀ ਘਟਨਾ ਨੇ ਇਲਾਕੇ ਵਿਚ ਚਿੰਤਾ ਵਧਾ ਦਿੱਤੀ ਹੈ | ਮਿ੍ਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਨੌਜਵਾਨ ਦਾ ਕਤਲ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਤੇ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ | ਧਰਨਾਕਾਰੀਆਂ ਦਾ ਰੁਖ ਸੀ ਕਿ ਜਦ ਤੱਕ ਸਾਰੇ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਲਿਆ ਜਾਂਦਾ, ਉਹ ਧਰਨਾ ਨਹੀਂ ਚੁੱਕਣਗੇ | ਇਸ ਸਥਿਤੀ ਬਾਰੇ ਜਾਣਕਾਰੀ ਮਿਲਦੇ ਹੀ ਡੀ.ਐਸ.ਪੀ. ਬਾਘਾ ਪੁਰਾਣਾ ਦਲਵੀਰ ਸਿੰਘ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਵੱਡੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਧਰਨਾਕਾਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ | ਡੀ.ਐਸ.ਪੀ. ਦਲਵੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ ਤੇ ਪੰਜਵੇਂ ਵਿਅਕਤੀ ਦੀ ਗਿ੍ਫ਼ਤਾਰੀ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੁਲਿਸ ਕਾਨੂੰਨੀ ਕਾਰਵਾਈ ਪੂਰੀ ਨਿਰਪੱਖਤਾ ਨਾਲ ਕਰ ਰਹੀ ਹੈ ਤੇ ਮਿ੍ਤਕ ਦੇ ਪਰਿਵਾਰ ਨੂੰ ਨਿਆਂ ਦਿਵਾਉਣਾ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਹੈ | ਡੀ.ਐਸ.ਪੀ. ਨੇ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਤੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਵਿਚ ਪੁਲਿਸ ਨੂੰ ਸਮਰਥਨ ਦੇਣ | ਪਰ ਧਰਨਾਕਾਰੀ ਆਪਣੀ ਮੰਗ 'ਤੇ ਅੜ ਗਏ ਕਿ ਪੰਜਵੇਂ ਦੋਸ਼ੀ ਨੂੰ ਗਿ੍ਫ਼ਤਾਰ ਕੀਤੇ ਬਿਨ੍ਹਾਂ ਧਰਨਾ ਨਹੀ ਚੁੱਕਿਆ ਜਾਵੇਗਾ | ਥਾਣਾ ਮੁਖੀ ਜਤਿੰਦਰ ਸਿੰਘ ਨੇ ਵੀ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ | ਧਰਨਾ ਕਾਰਨ ਅਹਿਮ ਚੌਂਕ ਦੇ ਬੰਦ ਹੋਣ ਨਾਲ ਨਾ ਸਿਰਫ਼ ਬਾਘਾ ਪੁਰਾਣਾ ਬਲ ਕਿ ਆਲੇ-ਦੁਆਲੇ ਦੇ ਸ਼ਹਿਰਾਂ ਤੋਂ ਆਉਣ ਵਾਲੀ ਆਵਾਜਾਈ ਵੀ ਪ੍ਰਭਾਵਿਤ ਰਹੀ | ਕਈ ਵਾਹਨ ਘੰਟਿਆਂ ਤੱਕ ਜਾਮ ਵਿਚ ਫਸੇ ਰਹੇ | ਅਖੀਰ ਵਿਚ ਪੁਲਿਸ ਅਧਿਕਾਰੀਆਂ ਵਲੋਂ ਪਹਿਲਾਂ ਤਾਂ ਚੌਂਕ ਨੇੜਿਉਂ ਦੁਕਾਨਾਂ ਬੰਦ ਕਰਵਾਈਆਂ ਗਈਆਂ ਤੇ ਬਾਅਦ ਵਿਚ ਧਰਨਾਕਾਰੀਆਂ 'ਤੇ ਸਖ਼ਤੀ ਕਰਦਿਆਂ ਧਰਨੇ ਨੂੰ ਚੁਕਵਾਇਆ ਗਿਆ |