ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਵੀ ਹਾਜ਼ਰ ਹੋਏ | ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਆਖਿਆ ਕਿ ਅੱਜ ਦੀ ਮੀਟਿੰਗ ਜਥੇਬੰਦੀ ਵਲੋਂ ਅਹਿਮ ਮਸਲਿਆਂ ਨੂੰ ਲੈ ਕੇ ਕੀਤੀ ਗਈ ਹੈ ਜਿਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਦਿੱਲੀ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ ਜਿਸ 'ਚ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਬਲਾਕਾਂ ਵਲੋਂ ਚੰਡੀਗੜ੍ਹ ਵਿਖੇ ਮਨਾਈ ਜਾ ਰਹੀ ਵਰ੍ਹੇਗੰਢ 'ਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐਸ.ਕੇ.ਐਮ. ਵਲੋਂ ਕੀਤੇ ਜਾ ਰਹੇ ਸਮਾਗਮ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜਥੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਆਖਿਆ ਕਿ ਚੰਡੀਗੜ੍ਹ ਵਿਖੇ ਵਰ੍ਹੇਗੰਢ ਦੌਰਾਨ ਜੋ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਅਣਗੌਲਿਆ ਕਰ ਕੇ ਪਿਛਲੇ ਸਾਲ ਦੇ 93 ਕਰੋੜ ਰੁਪਏ ਦੇ ਬਕਾਏ ਦਾ ਅਜੇ ਤੱਕ ਭੁਗਤਾਨ ਨਹੀਂ ਕੀਤਾ, ਪੰਜਾਬ ਸਰਕਾਰ ਕਿਸਾਨਾਂ ਦੇ ਬਕਾਏ ਦਾ ਤੁਰੰਤ ਭੁਗਤਾਨ ਕਰੇ ਤੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰੇ | ਮੀਟਿੰਗ ਵਿਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਜ਼ਿਲ੍ਹਾ ਸਹਿ ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ, ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਤੀਰਥਵਿੰਦਰ ਸਿੰਘ ਘੱਲ ਕਲਾਂ, ਅਜਮੇਰ ਸਿੰਘ ਛੋਟਾਘਰ, ਬੂਟਾ ਸਿੰਘ ਤਖਾਣਵੱਧ, ਅਵਤਾਰ ਸਿੰਘ ਡਾਲਾ ਆਦਿ ਕਿਸਾਨ ਆਗੂ ਹਾਜ਼ਰ ਹੋਏ |