ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਸੈਸ਼ਨ ਰੱਖਣਾ ਇਤਿਹਾਸਕ ਹੋਵੇਗਾ | ਸਾਡੇ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਜਿਨ੍ਹਾਂ ਨੂੰ ਹਿੰਦ ਦੀ ਚਾਦਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਉਨ੍ਹਾਂ ਦਾ ਹਮੇਸ਼ਾ ਫ਼ਲਸਫ਼ਾ ਸਚਾਈ ਤੇ ਨੇਕੀ ਦੇ ਕਰਮ ਕਰਨ ਵਾਸਤੇ ਰਿਹਾ ਹੈ ਤੇ ਜਿਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਮਨੁੱਖ ਪੂਰਨ ਮਨੁੱਖ ਹੋ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਾਕ ਪਵਿੱਤਰ ਭੂਮੀ 'ਤੇ ਵਿਧਾਨ ਸਭਾ ਦਾ ਸੈਸ਼ਨ ਹੋਣ ਜਾ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਰਕਾਰ ਇਹ ਫ਼ੈਸਲਾ ਸਿੱਖ ਇਤਿਹਾਸ ਵਿਚ ਮੀਲ ਪੱਥਰ ਸਾਬਤ ਹੋਵੇਗਾ |