ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੋਗਾ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ 4 ਤੋਂ 6 ਦਸੰਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ (ਤਿੰਨ ਰੋਜ਼ਾ) 'ਵਿਸ਼ੇਸ਼ ਪੈਨਸ਼ਨਰ ਸੇਵਾ ਕੈਂਪ' ਲਗਾਇਆ ਜਾ ਰਿਹਾ ਹੈ | ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੋਗਾ, ਉਪ ਖ਼ਜ਼ਾਨਾ ਦਫ਼ਤਰ ਧਰਮਕੋਟ ਤੇ ਉਪ ਖ਼ਜ਼ਾਨਾ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਲੱਗੇਗਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਮੋਗਾ ਵਰਿਆਮ ਸਿੰਘ ਨੇ ਦੱਸਿਆ ਕਿ ਇਸ ਕੈਂਪ ਰਾਹੀਂ ਪੈਨਸ਼ਨਰ ਸੇਵਾ ਪੋਰਟਲ 'ਤੇ ਪੈਨਸ਼ਨਰ ਦੀ ਰਜਿਸਟ੍ਰੇਸ਼ਨ ਈ-ਕੇ.ਵਾਈ.ਸੀ. ਰਾਹੀਂ ਕੀਤੀ ਜਾਵੇਗੀ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਹਾਜ਼ਰ ਹੋ ਕੇ ਆਪਣੀ ਈ-ਕੇ.ਵਾਈ.ਸੀ. ਕਰਵਾਉਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਰਿਟਾਇਰ ਹੋਏ ਪੈਨਸ਼ਨਰ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਕੇ ਇਸ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ |