ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 'ਚ ਸੂਬੇ ਭਰ 'ਚ 90 ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਤੋਂ ਬਿਨ੍ਹਾਂ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ 'ਚ ਵੀ ਵੱਡੀ ਗਿਣਤੀ 'ਚ ਲਗਭਗ ਸਾਰਾ ਸਾਲ ਕੰਪਿਊਟਰ ਅਧਿਆਪਕਾਂ ਤੋਂ ਕੰਮ ਲਿਆ ਜਾਂਦਾ ਹੈ | ਇਸ ਦੇ ਬਾਵਜੂਦ ਵੀ ਜੇਕਰ ਅਧਿਆਪਕ ਆਪਣੀਆਂ ਸਮੱਸਿਆਵਾਂ ਸਬੰਧੀ ਚੋਣ ਅਧਿਕਾਰੀਆਂ ਨਾਲ ਰਾਬਤਾ ਕਰਦੇ ਹਨ ਤਾਂ ਸਮੱਸਿਆ ਦਾ ਢੁਕਵਾਂ ਹੱਲ ਕੱਢਣ ਦੀ ਬਜਾਏ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਧਿਆਪਕ ਆਗੂਆਂ ਨੂੰ ਧਮਕਾਇਆ ਜਾਂਦਾ ਹੈ | ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਆਰ.ਟੀ.ਓ. ਕਮ ਰਿਟਰਨਿੰਗ ਅਫ਼ਸਰ ਵਲੋਂ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਹੋਰ ਬੀ.ਐਲ.ਓ. ਅਧਿਆਪਕਾਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ ਅਫ਼ਸਰਸ਼ਾਹੀ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਦੇ ਲੋੜਵੰਦ ਤੇ ਗ਼ਰੀਬ ਵਿਦਿਆਰਥੀਆਂ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ | ਇਕ ਪਾਸੇ ਸੂਬੇ ਦਾ ਮੁੱਖ ਮੰਤਰੀ ਵਿਧਾਨ ਸਭਾ 'ਚ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਗ਼ੈਰ ਵਿੱਦਿਅਕ ਕੰਮ ਨਾ ਲੈਣ ਦੇ ਦਾਅਵੇ ਕਰਦਾ ਹੈ, ਦੂਜੇ ਪਾਸੇ ਅਫ਼ਸਰਸ਼ਾਹੀ ਵਲੋਂ ਮਨਮਰਜ਼ੀ ਨਾਲ ਵੱਡੀ ਗਿਣਤੀ 'ਚ ਕੇਵਲ ਅਧਿਆਪਕਾਂ ਨੂੰ ਹੀ ਗ਼ੈਰ ਵਿੱਦਿਅਕ ਕੰਮਾਂ ਦੀ ਭੱਠੀ ਵਿਚ ਝੋਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਸਲਾ ਕੇਵਲ ਬੀ.ਐਲ.ਓ. ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦਾ ਹੀ ਸੀ | ਇਸ ਵਾਜਬ ਮੰਗ ਨੂੰ ਸਬੰਧਿਤ ਅਧਿਕਾਰੀ ਵਲੋਂ ਕਥਿਤ ਮੁੱਛ ਦਾ ਸਵਾਲ ਬਣਾ ਕੇ ਨੋਟਿਸ ਜਾਰੀ ਕੀਤਾ ਗਿਆ ਹੈ | ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾਂ, ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਤੇ ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਸਿੰਘ ਮਾਛੀਕੇ ਨੇ ਜਾਰੀ ਨੋਟਿਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਭਰ 'ਚ ਤੇਜ ਸੰਘਰਸ਼ ਕੀਤਾ ਜਾਵੇਗਾ | ਇਸ ਸਮੇਂ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਨਰਿੰਦਰ ਸਿੰਘ, ਸਵਰਨਜੀਤ ਸਿੰਘ ਭਗਤਾ, ਜਸਵਿੰਦਰ ਸਿੰਘ, ਮਧੂ ਬਾਲਾ, ਮਮਤਾ ਕੌਸ਼ਲ ਆਦਿ ਹਾਜ਼ਰ ਸਨ |