ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਠੇਕਾ ਮੁਲਾਜ਼ਮਾਂ ਵਲੋਂ ਮਨਦੀਪ ਕੌਰ ਦੀ ਅਗਵਾਈ ਵਿਚ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਆਈ. ਟੀ. ਆਈ. ਦੇ ਗੇਟ ਅੱਗੇ ਰੋਸ ਰੈਲੀ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੀਆਂ ਆਗੂਆਂ ਮਨਦੀਪ ਕੌਰ, ਜਗਵੀਰ ਕੌਰ, ਸ਼ਿੰਦਰਪਾਲ ਕੌਰ ਆਦਿ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿੰਦਿਆ ਕਰਦਿਆਂ ਕਿਹਾ ਕਿ ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਰੀਬ ਡੇਢ ਦਹਾਕੇ ਤੋਂ ਸੂਬੇ ਦੀਆਂ ਸਰਕਾਰੀ ਆਈ.ਟੀ.ਆਈ ਦੇ ਮੁਲਾਜ਼ਮ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖ਼ਾਹਾਂ ਸਿਰਫ਼ 15 ਹਜ਼ਾਰ 'ਤੇ ਗਰੁੱਪ ਬੀ ਬਤੌਰ ਕਰਾਫ਼ਟ ਇੰਸਟਰਕਟਰ ਵਜੋਂ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ ਜਦੋਂ ਕਿ ਇਹੋ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਉਨ੍ਹਾਂ ਨਾਲੋਂ ਵੱਧ ਤਨਖ਼ਾਹਾਂ ਦੇ ਰਹੀ ਹੈ ਜੋ ਕਿ ਸਰਾਸਰ ਧੱਕਾ ਹੈ | ਉਨ੍ਹਾਂ ਕਿ ਜਥੇਬੰਦੀ ਦੇ ਸੂਬਾਈ ਆਗੂਆਂ ਵਲੋਂ ਵਾਰ-ਵਾਰ ਚੱਕਰ ਮਾਰਨ ਦੇ ਬਾਵਜੂਦ ਵੀ ਸੂਬੇ ਦੇ ਮੁੱਖ ਮੰਤਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਲੈਣ ਦੀ ਬਜਾਏ ਅਣਗੌਲਿਆ ਕੀਤਾ ਜਾ ਰਿਹਾ ਹੈ | ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾਂ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਤਕਨੀਕੀ ਸਿੱਖਿਆ ਮੰਤਰੀ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ |