ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)-ਸੂਬਾ ਪੱਧਰੀ ਫੈਸਲੇ ਅਨੁਸਾਰ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਇਕਾਈ ਸੰਗਰੂਰ ਵਲੋਂ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ 'ਚ ਹੋ ਰਹੀ ਬੇਲੋੜੀ ਦੇਰੀ ਖ਼ਿਲਾਫ਼ ਰੋਸ ਵਜੋਂ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਰੋਸ ਪੱਤਰ ਭੇਜੇ ਗਏ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਨ ਵਸ਼ਿਸ਼ਟ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵਲੋਂ 26 ਫਰਵਰੀ 2025 ਨੂੰ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਬਿਨ੍ਹਾਂ ਕਿਸੇ ਕਾਰਨ ਬਕਾਏ ਜਾਰੀ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪੈੱ੍ਰਸ ਸਕੱਤਰ ਕਰਮਜੀਤ ਨਦਾਮਪੁਰ, ਵਿੱਤ ਸਕੱਤਰ ਕਮਲਜੀਤ ਬਨਭੌਰਾ, ਬਲਵਿੰਦਰ ਸਤੌਜ, ਮਨੋਜ ਕੁਮਾਰ ਲਹਿਰਾ ਗਾਗਾ, ਮਨਜੀਤ ਸਬਰਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵੀ ਸਿੱਖਿਆ ਵਿਭਾਗ ਵਲੋਂ ਇਸ ਫੈਸਲੇ ਨੂੰ ਜਨਰਲਾਈਜ਼ ਕਰਨਾ ਅੰਕਿਤ ਕੀਤਾ ਗਿਆ ਸੀ, ਪ੍ਰੰਤੂ ਹਾਲੇ ਤੱਕ 5178 ਵਿਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਨਹੀਂ ਕੀਤੇ ਗਏ, ਜਦਕਿ ਡੀ.ਟੀ.ਐੱਫ ਵਲੋਂ ਜੂਨ 2025 ਦਰਮਿਆਨ ਸਿੱਖਿਆ ਸਕੱਤਰ (ਸਕੂਲ) ਅਤੇ ਕੈਬਨਿਟ ਸਬ-ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿਚ ਇੱਕ ਕਾਡਰ 'ਤੇ ਇੱਕੋ ਜਿਹਾ ਤਨਖ਼ਾਹ ਸਕੇਲ ਲਾਗੂ ਹੋਣ ਦੇ ਤੈਅ ਸ਼ੁਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਮੰਗ ਪੱਤਰ ਸੌਂਪਣ ਮੌਕੇ ਉਪਰੋਕਤ ਤੋਂ ਇਲਾਵਾ ਕੰਵਰਜੀਤ ਭਵਾਨੀਗੜ੍ਹ, ਏਕਮ ਸਿੰਘ, ਹਰਿੰਦਰ ਸਿੰਘ, ਹਰਪ੍ਰੀਤ ਕੌਰ, ਸਵਾਲੀ, ਸੁਖਜੀਤ ਕੌਰ, ਮਮਤਾ ਰਾਣੀ, ਦੀਪ ਸਿਖਾ, ਰੀਤੂ ਕਾਂਸਲ, ਲਲੀਤਾ, ਅਮਨਜੋਤ, ਮਨਪ੍ਰੀਤ ਕੌਰ, ਰੂਹੀ ਗੋਇਲ ਸਮੇਤ ਡੀ. ਟੀ. ਐੱਫ. ਦੇ ਆਗੂ ਅਤੇ ਵੱਡੀ ਗਿਣਤੀ ਵਿਚ 5178 ਅਧਿਆਪਕ ਮੌਜੂਦ ਸਨ |