ਅਮਰਗੜ੍ਹ, 19 ਜੁਲਾਈ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਹੰਗਾਮਾ ਖੜ੍ਹਾ ਹੋ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਅਮਰਗੜ੍ਹ ਦੇ ਪ੍ਰਮੁੱਖ ਚਿਹਰੇ ਸਤਵੀਰ ਸਿੰਘ ਸੀਰਾ ਬਨਭੌਰਾ ਨੂੰ ਅਮਰਗੜ੍ਹ ਪੁਲਿਸ ਨੇ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਹੈ | ਇਹ ਸਨਸਨੀਖ਼ੇਜ਼ ਕਾਰਵਾਈ ਉਸ ਸਮੇਂ ਹੋਈ ਜਦੋਂ ਸੀਰਾ ਬਨਭੌਰਾ ਅਕਾਲੀ ਦਲ ਦੇ ਪ੍ਰਮੁੱਖ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਦੀ ਅਦਾਲਤੀ ਪੇਸ਼ੀ ਵਿਚ ਸ਼ਾਮਲ ਹੋਣ ਲਈ ਘਰੋਂ ਨਿਕਲਣ ਦੀ ਤਿਆਰੀ ਕਰ ਰਹੇ ਸਨ | ਤੜਕਸਾਰ ਹੀ ਅਮਰਗੜ੍ਹ ਪੁਲਿਸ ਦੇ ਮੁਲਾਜ਼ਮਾਂ ਨੇ ਸੀਰੇ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਘਰ ਵਿਚ ਹੀ ਰੋਕ ਲਿਆ | ਸੀਰਾ ਬਨਭੌਰਾ ਨੇ ਆਪਣੇ ਬਿਆਨ 'ਚ ਗ਼ੁੱਸੇ ਨਾਲ ਇਸ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ |