ਮਲੇਰਕੋਟਲਾ, 19 ਜੁਲਾਈ (ਮਨਜਿੰਦਰ ਸਿੰਘ ਸਰੌਦ) - ਕਿਸਾਨੀ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਲੇਰਕੋਟਲਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਪਿੰਡ ਹਥਨ ਵਿਖੇ ਹੋਈ | ਜਿਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਮੀਟਿੰਗ ਲੈਂਡ ਪੂਲਿੰਗ ਪੌਲਸੀ ਨੂੰ ਲੈ ਕੇ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਆਗੂ ਅਮਰੀਕ ਸਿੰਘ ਗੰਢੂਆਂ ਪਹੁੰਚੇ | ਕਿਸਾਨ ਆਗੂਆਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਪੌਲਸੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਤੁਰ ਪਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਹਰ ਰੋਜ਼ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ ਤੇ ਸੰਘਰਸ਼ਸ਼ੀਲ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ | ਸੰਗਰੂਰ ਜ਼ਿਲ੍ਹੇ ਵਿਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ 'ਤੇ ਆਣ-ਐਲਾਨੀਆਂ ਪਾਬੰਦੀਆਂ ਤੇ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਫ਼ੈਸਲੇ ਦੇ ਖ਼ਿਲਾਫ਼ ਅਤੇ ਜੇਲ੍ਹੀਂ ਬੰਦ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਈ ਦੀ ਮੰਗ ਅਤੇ ਸੰਘਰਸ਼ ਉੱਤੇ ਲਾਈ ਅਣਐਲਾਨੀ ਪਾਬੰਦੀ ਖ਼ਤਮ ਕਰਵਾਉਣ ਲਈ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਸੰਗਰੂਰ ਵਿਚ 25 ਜੁਲਾਈ ਨੂੰ ਵੱਡੀ ਰੋਸ ਰੈਲੀ ਤੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਮਪੁਰ, ਸਤਿਨਾਮ ਸਿੰਘ, ਚਰਨਜੀਤ ਸਿੰਘ ਹਥਨ, ਜਗਰੂਪ ਸਿੰਘ ਖ਼ੁਰਦ, ਹਰਿੰਦਰ ਸਿੰਘ ਚੌਦਾਂ ਕਰਨੈਲ ਸਿੰਘ ਭੂਦਨ, ਸੰਦੀਪ ਸਿੰਘ ਉਪੋਕੀ, ਗੁਰਮੇਲ ਕੌਰ ਦੁਲਮਾਂ, ਗੁਰਮੀਤ ਕੌਰ ਹਥਨ ਤੋਂ ਇਲਾਵਾ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ |