ਮਸਤੂਆਣਾ ਸਾਹਿਬ, ਧੂਰੀ, 21 ਜੁਲਾਈ (ਦਮਦਮੀ, ਲਹਿਰੀ, ਧਾਂਦਰਾ)-ਨੇੜਲੇ ਪਿੰਡ ਲੱਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਕਿਸਾਨ ਪੱਖੀ ਤੇ ਵਿਕਾਸ ਮੁਖੀ ਸਕੀਮ ਹੈ | ਉਨਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ | ਵਿਧਾਨ ਸਭਾ ਹਲਕਾ ਧੂਰੀ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਉਨਾਂ ਸਪਸ਼ਟ ਕਿਹਾ ਕਿ ਸੂਬੇ ਵਿਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਕਈ ਮਸਲਿਆਂ 'ਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰਾਂ ਜਾਣੂੰ ਹਨ | ਉਨਾਂ ਕਿਹਾ ਕਿ ਸੂਬੇ ਵਿਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ | ਉਨਾਂ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ | 'ਯੁੱਧ ਨਸ਼ਿਆਂ ਵਿਰੁੱਧ' ਸਕੀਮ ਨੂੰ ਸੂਬੇ ਦੇ ਮੱਥੇ ਉੱਤੇ ਲੱਗਿਆ ਦਾਗ ਧੋਣ ਲਈ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਾ ਸਪਲਾਈ ਦਾ ਲੱਕ ਤੋੜ ਦਿੱਤਾ ਹੈ | ਉਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿਚੋਂ ਇਸ ਖ਼ਤਰੇ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ | ਮੁੱਖ ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਚਾਇਤਾਂ ਨੂੰ ਮਿਲੇ ਪੈਸੇ ਦੀ ਵਰਤੋਂ ਸੋਚ-ਸਮਝ ਕੇ ਕੀਤੀ ਜਾਵੇ | ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਸੂਬਾ ਸਰਕਾਰ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ | ਉਨਾਂ ਕਿਹਾ ਕਿ ਹੁਣ ਹਲਕੇ ਦੇ ਸਾਰੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ | ਉਨਾਂ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ | ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਆਪਣਾ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਸੂਬੇ ਵਿਚ 15947 ਖ਼ਾਲਾਂ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਨਾਲ ਦੂਰ-ਦੁਰਾਡੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪੁੱਜਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ | ਉਨਾਂ ਕਿਹਾ ਕਿ ਸੂਬੇ ਭਰ ਵਿਚ 881 ਆਮ ਆਦਮੀ ਕਲੀਨਿਕ ਖੋਲੇ ਗਏ ਹਨ ਅਤੇ ਹੁਣ ਤੱਕ ਤਿੰਨ ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰਾਂ ਸੂਬਾ ਸਰਕਾਰ ਨੇ ਪੂਰੀ ਤਰਾਂ ਮੈਰਿਟ ਦੇ ਆਧਾਰ ਉੱਤੇ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਤੱਕ 18 ਟੋਲ ਪਲਾਜ਼ਾ ਬੰਦ ਕੀਤੇ ਜਾ ਚੁੱਕੇ ਹਨ, ਜਿਸ ਨਾਲ ਰੋਜ਼ਾਨਾ ਆਮ ਲੋਕਾਂ ਦਾ ਤਕਰੀਬਨ 64 ਲੱਖ ਰੁਪਿਆ ਬਚ ਰਿਹਾ ਹੈ | ਉਨਾਂ ਕਿਹਾ ਕਿ ਹਾਈਵੇਜ਼ ਉੱਤੇ ਸੁਰੱਖਿਆ ਵਧਾਉਣ ਲਈ ਪੰਜਾਬ ਨੇ ਦੇਸ਼ ਵਿਚ ਆਪਣੀ ਤਰਾਂ ਦੀ ਪਹਿਲੀ 'ਸੜਕ ਸੁਰੱਖਿਆ ਫੋਰਸ' ਸ਼ੁਰੂ ਕੀਤੀ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਇਸ ਦੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿਚ ਮੌਤਾਂ ਦੀ ਦਰ ਵਿਚ 48 ਫ਼ੀਸਦੀ ਤੋਂ ਵੱਧ ਦੀ ਕਮੀ ਆਈ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਲਈ ਵਿਸ਼ੇਸ਼ ਤੌਰ ਉੱਤੇ ਸਿੱਖਿਅਤ ਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ, ਜਿਨਾਂ ਵਿਚ ਅÏਰਤਾਂ ਵੀ ਸ਼ਾਮਲ ਹਨ | ਫੋਰਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ | ਉਨਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਵਿਚ ਆਪਣੀ ਪਹਿਲੀ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ 2 ਅਕਤੂਬਰ ਤੋਂ ਕੀਤੀ ਜਾਵੇਗੀ | ਉਨਾਂ ਕਿਹਾ ਕਿ ਪਸ਼ੂਆਂ ਦੀ ਸੁਰੱਖਿਆ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਪਸ਼ੂਆਂ ਉੱਤੇ ਕਿਸੇ ਵੀ ਤਰਾਂ ਦੇ ਅੱਤਿਆਚਾਰ ਦੀ ਇਜਾਜ਼ਤ ਨਹੀਂ ਹੋਵੇਗੀ | ਇਸ ਮੌਕੇ ਚੇਅਰਮੈਨ ਡਾ. ਗੁਰਿੰਦਰਜੀਤ ਸਿੰਘ ਮਿੰਕੂ ਜਵੰਧਾ ਅਤੇ ਚੇਅਰਮੈਨ ਦਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਪ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ |