ਸੁਨਾਮ ਊਧਮ ਸਿੰਘ ਵਾਲਾ, 31 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇੱਕ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ.ਆਰ.ਪੀ.ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਅਤੇ ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਦੱਸਿਆ ਕਿ ਆਪਣਾ ਘਰ ਵੇਚ-ਵੱਟ ਕੇ ਦਿਹਾੜੀ ਮਜ਼ਦੂਰੀ ਕਰਕੇ ਆਪਣਾ ਢਿੱਡ ਭਰਨ ਵਾਲਾ ਜਗਤਾਰ ਸਿੰਘ (40) ਪੁੱਤਰ ਅਜੈਬ ਸਿੰਘ ਵਾਸੀ ਪਿੰਡ ਗੋਬਿੰਦਗੜ੍ਹ ਗ਼ਰੀਬੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ | ਜਿਸ ਨੂੰ ਲੈ ਕੇ ਅੱਜ ਉਸ ਨੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਛਾਜਲੀ ਅਤੇ ਗੋਬਿੰਦਗੜ੍ਹ ਖੋਖਰ ਰੇਲਵੇ ਸਟੇਸ਼ਨਾਂ ਵਿਚਕਾਰ ਹਿਸਾਰ ਤੋਂ ਲੁਧਿਆਣਾ ਜਾ ਰਹੀ ਸਵਾਰੀ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਿ੍ਤਕ ਦੇ ਭਰਾ ਜਸਵੀਰ ਸਿੰਘ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ |