ਅਮਰਗੜ੍ਹ, 6 ਨਵੰਬਰ (ਜਤਿੰਦਰ ਮੰਨਵੀ)-ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਸਿਰਫ਼ ਕਾਨੂੰਨੀ ਉਲੰਘਣਾ ਹੀ ਨਹੀਂ, ਸਗੋਂ ਲੋਕਾਂ ਦੀ ਸਿਹਤ, ਮਿੱਟੀ ਦੀ ਉਪਜਾਊ ਤਾਕਤ ਅਤੇ ਵਾਤਾਵਰਣ ਲਈ ਭਾਰੀ ਚਿੰਤਾ ਦਾ ਵਿਸ਼ਾ ਹੈ | ਹਵਾ 'ਚ ਮਿਲਦੇ ਧੂੰਏਾ ਦੇ ਜ਼ਹਿਰੀਲੇ ਤੱਤ ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਤੇ ਗੰਭੀਰ ਅਸਰ ਪਾਉਂਦੇ ਹਨ | ਵਧਦੇ ਪ੍ਰਦੂਸ਼ਣ ਕਾਰਨ ਦਮਾਂ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਕਾਫੀ ਵੱਧ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤੋਲੇਵਾਲ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਸੰਘਾ ਨੇ ਅਜੀਤ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ 'ਚ ਮੌਜੂਦ ਕਿਸਾਨ ਦੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਅਗਲੀ ਫ਼ਸਲ ਦੀ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ | ਇਸ ਲਈ ਕਿਸਾਨਾਂ ਨੂੰ ਆਪਣੀ ਜ਼ਮੀਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਵਿਕਲਪਿਕ ਤਰੀਕੇ ਅਪਣਾਉਣੇ ਚਾਹੀਦੇ ਹਨ | ਪ੍ਰਧਾਨ ਸੰਘਾ ਨੇ ਕਿਹਾ ਕਿ ਇਹ ਸਮੱਸਿਆ ਸਿਰਫ਼ ਕਿਸਾਨ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਹੈ | ਕਿਸਾਨਾਂ ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਲੋੜ ਹੈ | ਉਨ੍ਹਾਂ ਸਰਕਾਰਾਂ ਨੂੰ ਕਟਘਰੇ 'ਚ ਖੜ੍ਹਾ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਹਾਲਾਂਕਿ ਐਲਾਨ ਕੀਤੇ ਗਏ ਹਨ, ਪਰ ਜ਼ਮੀਨੀ ਪੱਧਰ 'ਤੇ ਛੋਟੇ ਅਤੇ ਮੱਧਮ ਕਿਸਾਨਾਂ ਨੂੰ ਕੋਈ ਕਾਰਗਰ ਸਹੂਲਤ ਨਹੀਂ ਦਿੱਤੀ ਗਈ |