ਮਲੇਰਕੋਟਲਾ, 7 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਕੇਂਦਰ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ, ਉਹ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਲਈ ਹਰ ਪੱਖੋਂ ਮਾਰੂ ਹੈ | ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਹੈ | ਕੇਂਦਰ ਸਰਕਾਰ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਆਪਣੇ ਗ਼ਲਤ ਫ਼ੈਸਲਿਆਂ ਨੂੰ ਸਾਡੇ ਉੱਪਰ ਲਾਗੂ ਕਰੇ | ਪੰਜਾਬ ਰੀ-ਆਰਗੇਨਾਈਜੇਸ਼ਨ ਐਕਟ 1966 ਦੇ ਸਬ ਸੈਕਸ਼ਨ 3 ਵਿਚ ਪੰਜਾਬ ਯੂਨੀਵਰਸਿਟੀ ਐਕਟ 1947 ਤਹਿਤ ਸੈਨੇਟ ਨੂੰ ਪੰਜਾਬ ਯੂਨੀਵਰਸਿਟੀ ਦੇ ਕੰਮ ਕਾਜਾਂ ਪ੍ਰਤੀ ਨਿਰਨੇ ਲੈਣ ਦਾ ਅਧਿਕਾਰ ਦਿੱਤਾ ਗਿਆ ਸੀ | ਇਹ ਐਕਟ ਪੰਜਾਬ ਵਿਧਾਨ ਸਭਾ ਵਿਚ ਵੀ ਪਾਸ ਕੀਤਾ ਗਿਆ ਸੀ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਹਿਲਾ ਸੈਨੇਟ ਦੇ 90 ਮੈਂਬਰ ਸਨ, ਜਿਨ੍ਹਾਂ ਵਿਚ 47 ਮੈਂਬਰ ਚੁਣੇ ਜਾਂਦੇ ਸਨ ਪਰ ਹੁਣ ਇਹ ਗਿਣਤੀ ਘਟਾ ਕੇ 31 ਕਰ ਦਿੱਤੀ ਗਈ ਹੈ | ਜਿਨ੍ਹਾਂ ਵਿਚ ਚੁਣੇ ਗਏ ਮੈਂਬਰ ਸਿਰਫ਼ 18 ਹੀ ਰਹਿ ਗਏ ਹਨ 6 ਮੈਂਬਰ ਨੌਮੀਂਨੇਟਡ ਹੋਣਗੇ ਅਤੇ 7 ਐਕਸ ਅਫੀਸੀਓ ਹੋਣਗੇ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿਚ ਲੈਣ ਲਈ ਸੋਚੀ ਸਮਝੀ ਚਾਲ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਲੀਗਲ ਸੈੱਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਜਨਾਬ ਰਵਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਦੀ ਘੋਰ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਵਾਪਸ ਕਰਵਾਉਣ ਲਈ ਸਾਨੂੰ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ |