ਧੂਰੀ, 19 ਨਵੰਬਰ (ਸੁਖਵੰਤ ਸਿੰਘ ਭੁੱਲਰ, ਲਖਵੀਰ ਸਿੰਘ ਪਾਂਦਰਾ) - ਮਹਿਲਾ ਉਦਮਤਾ ਦਿਵਸ ਮੌਕੇ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਵਾਏ ਸਮਾਗਮ ਦੌਰਾਨ ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਸ੍ਰੀਮਤੀ ਜਸਬੀਰ ਕੌਰ ਸ਼ੇਰਗਿੱਲ, ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ ਤੇ ਹਲਕਾ ਧੂਰੀ ਦੇ ਵੁਮੈਨ ਵਿੰਗ ਦੇ ਕੁਆਰਡੀਨੇਟਰ ਨਵਜੋਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸ੍ਰੀਮਤੀ ਜਸਬੀਰ ਕੌਰ ਸ਼ੇਰਗਿੱਲ ਨੇ ਸੰਗਰੂਰ ਜ਼ਿਲ੍ਹੇ ਦੀਆਂ ਅਗਾਂਹਵਧੂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਹਿਲਾਵਾਂ ਹਰੇਕ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀਆਂ ਮਹਿਲਾਵਾਂ ਨੇ ਜਿੱਥੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਹਨ, ਉੱਥੇ ਹੀ ਹੋਰਨਾਂ ਨੂੰ ਵੀ ਸੈੱਲਫ਼ ਹੈਲਪ ਗਰੁੱਪਾਂ ਰਾਹੀਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਆਤਮ ਨਿਰਭਰ ਬਣਾਇਆ ਹੈ | ਸਮਾਗਮ ਦੌਰਾਨ ਵੀਰਪਾਲ ਕੌਰ ਚਹਿਲ ਨੇ ਕਿਹਾ ਕਿ ਮਹਿਲਾ ਉੱਦਮੀ ਸਿਰਫ਼ ਪਰਿਵਾਰਾਂ ਨੂੰ ਨਹੀਂ, ਸਗੋਂ ਸਾਰੇ ਖੇਤਰ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਦੇ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਹਿਲਾਵਾਂ ਨੂੰ ਰੋਜ਼ਗਾਰ, ਹੁਨਰ ਵਿਕਾਸ ਅਤੇ ਉਦਯੋਗ ਸਥਾਪਨਾ ਲਈ ਹਰ ਸੰਭਵ ਮੌਕਾ ਅਤੇ ਸਹੂਲਤ ਮੁਹੱਈਆ ਕਰਵਾ ਰਹੀ ਹੈ | ਨਵਜੋਤ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਿਲਾ ਉਦਮਤਾ ਦਿਵਸ ਮਹਿਲਾਵਾਂ ਦੇ ਹੌਸਲੇ, ਮਿਹਨਤ ਅਤੇ ਪ੍ਰਤੀਬੱਧਤਾ ਨੂੰ ਸਲਾਮ ਕਰਨ ਦਾ ਦਿਨ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਉਦਮਤਾ ਵਿਚ ਅੱਗੇ ਵਧਾਉਣ ਲਈ ਪ੍ਰੇਰਿਤ ਕਰਨਾ ਸਮਾਜਕ ਵਿਕਾਸ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਮਹਿਲਾਵਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਉਦਮਤਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਹੌਸਲਾ ਅਫ਼ਜ਼ਾਈ ਕੰਮ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਪੰਜਾਬ ਸਰਕਾਰ ਦੀ ਇਸ ਪਹਿਲੀ ਕਦਮੀ ਦੀ ਸ਼ਲਾਘਾ ਕੀਤੀ | ਇਸ ਮੌਕੇ ਜਸਪ੍ਰੀਤ ਕੌਰ ਜਵੰਧਾ, ਪਰਮਜੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਸੰਗਰੂਰ ਜ਼ਿਲ੍ਹੇ ਦੀਆਂ ਮਹਿਲਾਵਾਂ ਮੌਜੂਦ ਸਨ |