ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਇੱਕ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਭਾਵੇਂ ਇਹ ਚੋਣਾਂ ਆਪਣੇ ਸਮੇਂ ਤੋਂ ਲੇਟ ਹੋ ਰਹੀਆਂ ਹਨ ਪਰ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਕਾਂਗਰਸੀ ਵਰਕਰ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ | ਬੀਬੀ ਭੱਠਲ ਨੇ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਨਾਲ ਸੰਬੰਧਿਤ ਸਾਰੇ ਜ਼ੋਨਾਂ ਉੱਪਰ ਮਿਹਨਤੀ ਅਤੇ ਨਿਡਰ ਉਮੀਦਵਾਰ ਖੜੇ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਸਾਰੇ ਕਾਂਗਰਸੀ ਵਰਕਰਾਂ ਦੀਆਂ ਗੱਲਾਂ ਧਿਆਨ ਪੂਰਵਕ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ, ਕਿ ਕਿਸੇ ਤੋਂ ਡਰਨ ਦੀ ਕੋਈ ਲੋੜ ਨਹੀਂ , ਪੂਰੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ ਅਤੇ ਹਲਕਾ ਲਹਿਰਾਗਾਗਾ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਇੱਕ ਮੈਨੂੰ ਇੱਕ ਪਰਿਵਾਰ ਦੀ ਤਰ੍ਹਾਂ ਹਨ ਅਤੇ ਇਹ ਹੀ ਮੇਰੀ ਸੱਚੀ ਕਮਾਈ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਸਮੇਤ ਦੂਜੀਆਂ ਪਾਰਟੀਆਂ ਕੋਲ ਕਾਂਗਰਸ ਪਾਰਟੀ ਦੇ ਬਰਾਬਰ ਖੜੇ ਕਰਨ ਲਈ ਉਮੀਦਵਾਰ ਨਹੀਂ ਲੱਭ ਰਹੇ, ਪਰ ਕਾਂਗਰਸ ਪਾਰਟੀ ਕੋਲ ਇੱਕ ਜੋਨ ਵਿਚੋਂ ਹੀ ਤਿੰਨ-ਤਿੰਨ, ਚਾਰ- ਚਾਰ ਉਮੀਦਵਾਰ ਹਨ | ਬੀਬੀ ਭੱਠਲ ਨੇ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਵਾਰੇ ਕਿਹਾ, ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਰਿਹਾ ਹੈ, ਕਤਲੋ ਗਾਰਦ ਲੁੱਟ ਖੋਹ ਦੀਆਂ ਵਾਰਦਾਤਾਂ ਦਿਨੋਂ ਦਿਨ ਵੱਧ ਰਹੀਆਂ ਹਨ | ਪਰ ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਇੱਕ ਵੱਡੀ ਲੀਡ ਪ੍ਰਾਪਤ ਕਰਕੇ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ | ਇਸ ਸਮੇਂ ਹਲਕੇ ਦੇ ਬਹੁਤ ਸਾਰੇ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ |