ਸੰਗਰੂਰ, 3 ਦਸੰਬਰ (ਦਮਨਜੀਤ ਸਿੰਘ)-ਪੰਜਾਬ ਵਿਚ ਲਗਾਤਾਰ ਵੱਧ ਰਹੀਆਂ ਹਿੰਸਕ ਵਾਰਦਾਤਾਂ ਅਤੇ ਕਾਨੂੰਨ-ਵਿਵਸਥਾ ਦੀ ਵਿਗੜਦੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਸੇਵੀ ਸੰਸਥਾ ਉਮੀਦ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਘੇਰਦਿਆਂ ਕਿਹਾ ਕਿ ਰਾਜ ਵਿਚ ਹਰ ਦਿਨ ਗੋਲੀਬਾਰੀ, ਲੁੱਟਪਾਟ, ਕਤਲ ਦੀਆਂ ਘਟਨਾਵਾਂ ਅਤੇ ਗੈਂਗਵਾਰ ਦੇ ਵਧਦੇ ਮਾਮਲੇ ਪੰਜਾਬੀਆਂ ਦੀ ਸੁਰੱਖਿਆ ਲਈ ਗੰਭੀਰ ਚੁਨੌਤੀ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਧਿਆਨ ਲੋਕਾਂ ਦੀ ਸੁਰੱਖਿਆ ਤੋਂ ਵੱਧ ਸ਼ੋਸ਼ੇਬਾਜ਼ੀ ਉੱਤੇ ਕੇਂਦਰਿਤ ਹੈ | ਖੰਨਾ ਨੇ ਕਿਹਾ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਪੂਰਾ ਪੰਜਾਬ ਹੀ ਅੱਜ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਕਾਨੂੰਨ-ਵਿਵਸਥਾ ਨੂੰ ਸੰਭਾਲਣ ਵਿਚ ਨਾਕਾਮ ਰਹੀ ਹੈ ਅਤੇ ਅਪਰਾਧੀਆਂ ਵਿਚ ਇਹ ਸੰਦੇਸ਼ ਜਾ ਰਿਹਾ ਹੈ ਕਿ ਉਹ ਬੇਖ਼ੌਫ਼ ਕਾਰਵਾਈਆਂ ਕਰ ਸਕਦੇ ਹਨ | ਖੰਨਾ ਨੇ ਕਿਹਾ ਕਿ ਜੇ ਹਾਲਾਤ ਇੰਝ ਹੀ ਰਹੇ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਆਮ ਪੰਜਾਬੀ ਨੂੰ ਝੱਲਣਾ ਪਵੇਗਾ | ਅਰਵਿੰਦ ਖੰਨਾ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਪ੍ਰੋਫੈਸ਼ਨਲ ਢੰਗ ਨਾਲ ਕਦਮ ਚੁੱਕੇ, ਪੁਲਿਸ ਪ੍ਰਬੰਧਨ ਨੂੰ ਮਜ਼ਬੂਤ ਕਰੇ ਅਤੇ ਕਾਨੂੰਨ-ਵਿਵਸਥਾ ਨੂੰ ਪਟੜੀ 'ਤੇ ਲਿਆਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸ਼ਾਂਤੀ, ਭਰੋਸੇ ਅਤੇ ਸੁਰੱਖਿਆ ਦਾ ਦੇਸ ਹੈ ਇਸ ਨੂੰ ਬਰਕਰਾਰ ਰੱਖਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ |