ਲੌਂਗੋਵਾਲ, 3 ਦਸੰਬਰ (ਵਿਨੋਦ ਸ਼ਰਮਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਜਿੱਥੇ ਪੂਰੇ ਪੰਜਾਬ ਦੇ ਵਿਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮੇ ਤਿੰਨ ਦਿਨਾਂ ਹੜਤਾਲ ਤੇ ਬੈਠ ਗਏ ਹਨ ਉੱਥੇ ਹੀ ਲੌਂਗੋਵਾਲ, ਚੀਮਾ, ਦਿੜ੍ਹਬਾ, ਖਨੋਰੀ ਅਤੇ ਲਹਿਰਾ ਆਦਿ ਸਟੇਸ਼ਨਾਂ ਤੇ ਦਿਨ ਰਾਤ ਦੀ ਹੜਤਾਲ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਵਿਚ ਠੇਕੇਦਾਰਾਂ ਕੰਪਨੀਆਂ, ਸੁਸਾਇਟੀਆਂ ਆਦਿ ਰਾਹੀਂ ਕੰਮ ਕਰਦੇ ਠੇਕਾ ਆਧਾਰਿਤ ਕਾਮਿਆਂ ਨੂੰ ਵਿਭਾਗ ਵਿਚ ਮਰਜ਼ ਕਰ ਕੇ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗੁਜ਼ਾਰੇ ਜੋਗੀ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਕਿਹਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ 'ਆਪ ਸਰਕਾਰ' ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਇਸ ਮੌਕੇ ਭੁਪਿੰਦਰ ਸਿੰਘ ਲੌਂਗੋਵਾਲ, ਜਗਧੀਰ ਸਿੰਘ, ਗੁਰਦਾਸ ਸਿੰਘ, ਦਰਸ਼ਨ ਸਿੰਘ, ਬਲਵੰਤ ਸਿੰਘ ਅਤੇ ਗੁਰਮੇਲ ਸਿੰਘ ਹਾਜ਼ਰ ਸਨ |