ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਭੁੱਲਰ, ਧਾਲੀਵਾਲ)-ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਵਲੋਂ ਸਭਾ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਦੀ ਅਗਵਾਈ ਵਿਚ ਗ੍ਰੰਥੀ ਰਾਗੀ ਪ੍ਰਚਾਰਕ ਸਭਾ ਦੇ ਸਰਪ੍ਰਸਤ ਜਗਮੇਲ ਸਿੰਘ ਛਾਜਲਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਸੰਗਰੂਰ ਦੇ ਧਾਰਮਿਕ ਮਾਮਲਿਆਂ ਦੇ ਇੰਚਾਰਜ ਬਣਾਉਣ ਤੇ ਸਨਮਾਨਿਤ ਕੀਤਾ ਗਿਆ | ਕੁਲਵਿੰਦਰ ਸਿੰਘ ਮੋਹਲ ਨੇ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇੱਕ ਯੋਗ ਵਿਅਕਤੀ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ ਕਿਉਂਕਿ ਜਗਮੇਲ ਸਿੰਘ ਛਾਜਲਾ ਖ਼ੁਦ ਇੱਕ ਧਾਰਮਿਕ ਸ਼ਖ਼ਸੀਅਤ ਹਨ ਜੋ ਪਿਛਲੇ ਲੰਮੇ ਸਮੇਂ ਤੋਂ ਸਿੱਖ ਪੰਥ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਲੰਬੇ ਸਮੇਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਧਾਰਮਿਕ ਮਾਮਲਿਆਂ ਦੇ ਵਿਚ ਅਹਿਮ ਰੋਲ ਨਿਭਾਅ ਰਹੇ ਹਨ, ਇਸ ਨਿਯੁਕਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਆਪਣੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਜਗਮੇਲ ਸਿੰਘ ਛਾਜਲਾ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਦੇਣ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਮੋਹਲ, ਲੱਕੀ ਜੱਸਲ, ਦਰਸ਼ਨ ਸਿੰਘ, ਬੰਤ ਸਿੰਘ ਰਾਏ, ਹਰਿੰਦਰ ਸਿੰਘ, ਬਿਕਰਮਜੀਤ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ ਕੈਂਥ, ਮਹਿੰਦਰ ਸਿੰਘ ਜੌੜਾ ਹਾਜ਼ਰ ਸਨ |