06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਕੀਤੀ ਸ਼ਿਰਕਤ <br/>

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਹਾਜ਼ਰੀ ਲਗਵਾਉਣ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ: ਜਗਰਾਜ ਮਾਨ <br/> 27-12-2025
ਚੀਮਾ ਮੰਡੀ, 26 ਦਸੰਬਰ (ਜਗਰਾਜ ਮਾਨ)-ਮਹਾਨ ਆਜ਼ਾਦੀ ਘੁਲਾਟੀਏ, ਅਣਖੀ ਸੂਰਮੇ ਤੇ ਸੁਨਾਮ ਦੀ ਧਰਤੀ 'ਤੇ ਜਨਮ ਲੈਣ ਵਾਲੇ ਸ਼ਹੀਦ ਊਧਮ ਸਿੰਘ, ਜਿਨ੍ਹਾਂ ਨੇ ਪੰਜਾਬੀਆਂ ਦੀ ਅਣਖ-ਗ਼ੈਰਤ ਦੀ ਮਸ਼ਾਲ 21 ਸਾਲ ਆਪਣੇ ਦਿਲ 'ਚ ਬਲਦੀ ਰੱਖੀ, ਨੂੰ ਪ੍ਰਣਾਮ ਹੈ | ਆਜ਼ਾਦੀ ਲਈ ਸ਼ਹੀਦੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ | ਸ਼ਹੀਦਾਂ ਵਲੋਂ ਵਿਖਾਏ ਮਾਰਗ 'ਤੇ ਚੱਲ ਕੇ ਹੀ ਆਪਸੀ ਸਾਂਝ ਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਸਬੰਧੀ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਅਤੇ ਚੀਮਾ ਮੰਡੀ ਵਿਖੇ ਸ਼ਹੀਦ ਊਧਮ ਪਾਰਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣ ਮੌਕੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ | ਸ਼੍ਰੀ ਅਰੋੜਾ ਨੇ ਕਿਹਾ ਕਿ ਮਹਾਨ ਹਨ, ਉਹ ਮਾਵਾਂ ਜਿਨ੍ਹਾਂ ਨੇ ਅਜਿਹੇ ਯੋਧਿਆਂ ਨੂੰ ਜਨਮ ਦਿੱਤਾ ਅਤੇ ਇਨ੍ਹਾਂ ਮਹਾਨ ਯੋਧਿਆਂ ਵੱਲੋਂ ਪਾਏ ਗਏ ਪੂਰਨੇ ਸਾਡੀ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਉਹ ਬਹਾਦਰ ਸੂਰਮੇ ਸਨ, ਜਿਨ੍ਹਾਂ ਨੇ ਜਲਿ੍ਹਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲਿਆ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਸ਼੍ਰੀ ਅਰੋੜਾ ਨੇ ਕਿਹਾ ਕਿ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਵਿਖਾਏ ਰਸਤੇ 'ਤੇ ਚੱਲ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕਰੀਏ | ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਮਹਾਨ ਸ਼ਹੀਦਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਈਏ ਤਾਂ ਜੋ ਸਾਡੇ ਨੌਜਵਾਨ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਸਕਣ | ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇੱਕ ਅਜਿਹਾ ਦੇਸ਼ ਹੈ ਜਿੱਥੇ ਕਿ ਵੱਖ-ਵੱਖ ਧਰਮਾਂ ਤੇ ਭਾਸ਼ਾਵਾਂ ਦੇ ਲੋਕ ਰਹਿੰਦੇ ਹਨ | ਇਤਿਹਾਸ ਗਵਾਹ ਹੈ ਕਿ ਜਦੋਂ ਵੀ ਦੇਸ਼ 'ਤੇ ਕੋਈ ਭੀੜ ਪਈ ਤਾਂ ਸਾਰਿਆਂ ਨੇ ਇੱਕ ਜੁੱਟ ਹੋ ਕੇ ਦੁਸ਼ਮਣ ਦਾ ਟਾਕਰਾ ਕੀਤਾ | ਪੰਜਾਬੀ ਹਮੇਸ਼ਾ ਆਪਣੀ ਬਹਾਦਰੀ ਲਈ ਜਾਣੇ ਜਾਂਦੇ ਰਹੇ ਹਨ ਅਤੇ ਆਜ਼ਾਦੀ ਦੀ ਲੜਾਈ ਵਿਚ ਵੀ ਪੰਜਾਬੀਆਂ ਦਾ ਸਭ ਤੋਂ ਵੱਧ ਯੋਗਦਾਨ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਹੀ ਦੇਣ ਹੈ | ਇਸ ਲਈ ਸਾਡਾ ਵੀ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਦੇਸ਼ ਭਗਤਾਂ ਨੂੰ ਹਮੇਸ਼ਾ ਯਾਦ ਰੱਖਦੇ ਹੋਏ ਉਨ੍ਹਾਂ ਵਲੋਂ ਦਿੱਤੇ ਏਕਤਾ ਦੇ ਸੰਦੇਸ਼ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਈਏ | ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਗੇ੍ਰਡ ਪ੍ਰੀ ਸਕੂਲ ਨੇ ਸਰਦ ਰੁੱਤ ਕਾਰਨੀਵਲ ਕਰਵਾਇਆ <br/> ਅਗਲੀ ਖ਼ਬਰ ਜਨਤਕ ਆਗੂ 'ਜੀ ਰਾਮ ਜੀ' ਖ਼ਿਲਾਫ਼ ਨਿੱਤਰੇ, ਜਦ ਕਿ ਭਾਜਪਾ ਆਗੂ ਇਸ ਕਾਨੂੰਨ ਦੇ ਹੱਕ ਵਿਚ ਡਟੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।