ਤਲਵੰਡੀ ਭਾਈ, 16 ਜੁਲਾਈ (ਰਵਿੰਦਰ ਸਿੰਘ ਬਜਾਜ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮਾਛੀਬੁਗਰਾ ਪੁਲ ਦੇ ਨਜ਼ਦੀਕ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਸਰਬਜੀਤ ਸਿੰਘ ਉਰਫ਼ ਸਰਬਾ ਵਾਸੀ ਹਰਦਾਸਾ ਜੋ ਕਿ ਹੈਰੋਇਨ ਪੀਣ ਦਾ ਆਦੀ ਹੈ ਤੇ ਹੁਣ ਵੀ ਪਿੰਡ ਦੇ ਬਾਹਰ ਬਣੀ ਦਾਣਾ ਮੰਡੀ ਸੁਲਹਾਣੀ ਵਿਖੇ ਬਣੇ ਕਮਰੇ 'ਚ ਬੈਠਾ ਹੈਰੋਇਨ ਦਾ ਸੇਵਨ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਤਲਾਹ ਭਰੋਸੇਯੋਗ ਹੋਣ 'ਤੇ ਮੁਖਬਰ ਵਲੋਂ ਦੱਸੀ ਹੋਈ ਜਗ੍ਹਾ 'ਤੇ ਰੇਡ ਕਰਕੇ ਮੁਲਜ਼ਮ ਸਰਬਜੀਤ ਸਿੰਘ ਉਰਫ਼ ਸਰਬਾ ਪੁੱਤਰ ਗੁਰਾ ਸਿੰਘ ਵਾਸੀ ਹਰਦਾਸਾ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਇਕ ਅੱਧਜਲੀ ਸਿਲਵਰ ਪੰਨੀ, ਇਕ 10 ਰੁਪਏ ਦਾ ਨੋਟ, ਇਕ ਲਾਈਟਰ, ਇਕ ਬੋਤਲ ਪਲਾਸਟਿਕ ਢੱਕਣ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |