ਫ਼ਿਰੋਜ਼ਪੁਰ, 17 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹਿਮਾਚਲ ਅਤੇ ਪੰਜਾਬ ਵਿਚ ਹੋ ਰਹੀਆਂ ਵੱਧ ਬਾਰਸ਼ਾਂ ਤੇ ਆਗਾਮੀ ਦਿਨਾਂ ਵਿਚ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਵਿਭਾਗਾਂ ਦੇ ਅਧਿਕਾਰੀ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਤੋਂ ਤਿਆਰੀ ਮੁਕੰਮਲ ਰੱਖਣ | ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਕੀਤੀ ਜਾਣ ਵਾਲੀ ਕਿਸੇ ਵੀ ਕਿਸਮ ਦੀ ਤਿਆਰੀ ਵਿਚ ਕੋਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦੀ ਸੂਚੀ ਤਿਆਰ ਕਰਨ, ਬੇੜੇ ਤੇ ਕਿਸ਼ਤੀਆਂ ਦੀ ਰਿਪੇਅਰ ਕਰਾਉਣ ਅਤੇ ਡਰੇਨ ਜੇ ਵਿਭਾਗ ਨੂੰ ਸਾਰੇ ਪ੍ਰਬੰਧ ਮੁਕੰਮਲ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਉਣ ਵਿਚ ਕੋਈ ਦਿੱਕਤ ਨਾ ਆਵੇ | ਇਸ ਤੋਂ ਇਲਾਵਾ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਕਾਇਮ ਰੱਖਣ ਲਈ ਕਿਹਾ ਅਤੇ ਜ਼ਿਲ੍ਹੇ ਦੀਆਂ ਐੱਨ. ਜੀ. ਓਜ. ਅਤੇ ਵਲੰਟੀਅਰਾਂ ਨਾਲ ਵੀ ਰਾਬਤਾ ਰੱਖਣ ਲਈ ਕਿਹਾ | ਉਨ੍ਹਾਂ ਅਧਿਕਾਰੀਆਂ ਨੂੰ ਸਤਲੁਜ ਦਰਿਆ ਦੇ ਬੰਨ੍ਹਾਂ ਅਤੇ ਨੋਚਾਂ ਦਾ ਸਮੇਂ-ਸਮੇਂ 'ਤੇ ਦੌਰਾ ਕਰਦੇ ਰਹਿਣ ਲਈ ਵੀ ਆਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਾ ਨੰ. 106 ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਤਹਿਸੀਲਦਾਰ ਫ਼ਿਰੋਜ਼ਪੁਰ ਹਰਮਿੰਦਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | 17ਐਫ.ਜੈਡ.ਆਰ.16