ਮੱਖੂ, 17 ਜੁਲਾਈ (ਵਰਿੰਦਰ ਮਨਚੰਦਾ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਖੂ ਪੁਲਿਸ ਵਲੋਂ 2 ਮੁਲਜ਼ਮਾਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮੁੱਖ ਅਫ਼ਸਰ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਕੋਲ ਪੁੱਜੀ ਤਾਂ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ, ਜਿਸ ਨੇ ਹੱਥ ਵਿਚ ਫੜਿਆ ਲਿਫ਼ਾਫ਼ਾ ਸੁੱਟ ਦਿੱਤਾ ਤੇ ਪਿੱਛੇ ਮੁੜਨ ਲੱਗਾ | ਇਸ ਦੌਰਾਨ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਦੀ ਪਹਿਚਾਣ ਵਿਕਰਮ ਵਾਸੀ ਪਿੰਡ ਬੁੱਲੋ ਕੇ ਵਜੋਂ ਹੋਈ ਹੈ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸਟੇਡੀਅਮ ਮੱਖੂ ਕੋਲ ਪੁੱਜੀ ਤਾਂ ਵਿਅਕਤੀ ਪੁਲਿਸ ਨੂੰ ਦੇਖ ਘਬਰਾ ਕੇ ਹੱਥ ਵਿਚ ਫੜਿਆ ਲਿਫ਼ਾਫ਼ਾ ਸੁੱਟ ਕੇ ਪਿੱਛੇ ਮੁੜਨ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਮੁਲਜ਼ਮ ਦੀ ਪਹਿਚਾਣ ਨਿਹਾਲ ਸਿੰਘ ਵਾਸੀ ਪਿੰਡ ਪੱਧਰੀ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਮੱਖੂ ਅੰਦਰ ਐਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |