ਫ਼ਿਰੋਜ਼ਪੁਰ, 17 ਜੁਲਾਈ (ਦਵਿੰਦਰ ਪਾਲ ਸਿੰਘ)-ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਸਥਿਤ ਸੇਵਾ ਕੇਂਦਰ ਨੂੰ ਸਵੇਰੇ 8:00 ਤੋਂ ਸ਼ਾਮ 8:00 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹਾ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਨੇ ਸਾਂਝੀ ਕੀਤੀ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਦਿਨ ਦੌਰਾਨ ਆਪਣਾ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਸਵੇਰੇ ਸ਼ਾਮ ਆਪਣਾ ਕੰਮ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਧੇ ਹੋਏ ਸਮੇਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਲਈ ਸੇਵਾ ਕੇਂਦਰ 'ਤੇ ਸਿੱਧਾ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ 440 ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਤਰ੍ਹਾਂ ਦੇ ਉਪਰਾਲੇ ਨਾਲ ਜਿਹੜੇ ਵਿਅਕਤੀ ਨੌਕਰੀ/ਪੇਸ਼ਾ ਜਾਂ ਕੋਈ ਹੋਰ ਕਾਰੋਬਾਰ ਜਾਂ ਦਫ਼ਤਰਾਂ ਵਿਚ ਕੰਮ ਕਰਦੇ ਹਨ, ਉਹ ਦਫ਼ਤਰੀ ਸਮੇਂ ਤੋਂ ਬਾਅਦ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ |