ਮਮਦੋਟ, 18 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਲੱਖੋਂ ਕੇ ਬਹਿਰਾਮ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਜੰਟ ਸਿੰਘ ਵਲਾੋ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਸਾਜਨ ਉਰਫ਼ ਘੁੱਲਾ ਪੁੱਤਰ ਵੀਰਭਾਨ ਉਰਫ਼ ਬਿੱਟੂ ਵਾਸੀ ਪਿੰਡ ਨੌਰੰਗ ਕੇ ਲੇਲੀ ਥਾਣਾ ਸਦਰ ਫ਼ਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਹੁਣ ਪਿੰਡ ਕਰੀ ਕਲਾਂ ਕੋਲ ਸੂਆ ਪੁਲ ਤੋਂ ਸੱਜੀ ਪੱਟੜੀ 'ਤੇ ਖੜ੍ਹਾ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੱਸੀ ਥਾਂ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਲੱਖਾੋ ਕੇ ਬਹਿਰਾਮ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕਾਬੂ ਕੀਤੇ ਵਿਅਕਤੀ ਪਾਸੋਂ ਹੋਰ ਪੁੱਛਗਿੱਛ ਜਾਰੀ ਹੈ |