ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ''ਨਸ਼ਾ ਮੁਕਤੀ ਯਾਤਰਾ'' ਤਹਿਤ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਦੇ ਖ਼ਾਤਮੇ ਦੇ ਮੱਦੇਨਜ਼ਰ ਕਰਵਾਏ ਸਮਾਗਮਾਂ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਡਾ. ਅਮਨਦੀਪ ਕੌਰ ਗੋਸਲ ਨੇ ਪਿੰਡ ਮਸਤੇ ਕੇ ਹਿਠਾੜ, ਗ਼ੁਲਾਮ ਹੁਸੈਨ ਵਾਲਾ, ਓਲੋ ਕੇ ਤੇ ਕੁੰਡੇ ਵਿਖੇ ਆਯੋਜਿਤ ਜਨ ਸਭਾਵਾਂ ਵਿਚ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਸਖ਼ਤ ਕਦਮ ਪੁੱਟ ਰਹੀ ਹੈ | ਉਨ੍ਹਾਂ ਪਿੰਡਾਂ ਦੇ ਲੋਕਾਂ, ਵਿਲੇਜ ਡਿਫੈਂਸ ਕਮੇਟੀਆਂ, ਗ੍ਰਾਮ ਪੰਚਾਇਤਾਂ ਅਤੇ ਵਲੰਟੀਅਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਲੋਕ ਨਸ਼ਾ ਪੀੜਤ ਹਨ, ਉਨ੍ਹਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਉਂਦੇ ਹੋਏ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਮੁੜ ਲੋਕ ਧਾਰਾ ਨਾਲ ਜੁੜ ਕੇ ਸਨਮਾਨਿਤ ਜੀਵਨ ਬਤੀਤ ਕਰ ਸਕਣ | ਡਾ. ਗੋਸਲ ਨੇ ਕਿਹਾ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨਾਲ ਕਿਸੇ ਕਿਸਮ ਦਾ ਨਾਤਾ ਨਹੀਂ ਰੱਖਣਾ ਚਾਹੀਦਾ | ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ ਵਾਰ ਮਾੜੇ ਲੋਕਾਂ ਵਲੋਂ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ | ਇਸ ਮੌਕੇ ਦਲੇਰ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਸੁਰਜੀਤ ਸਿੰਘ (ਬਲਾਕ ਪ੍ਰਧਾਨ), ਮਨਪ੍ਰੀਤ ਸਿੰਘ, ਸਾਹਿਲ, ਬਿੱਟੂ ਆਦਿ ਵਲੋਂ ਸ਼ਿਰਕਤ ਕੀਤੀ ਗਈ |