ਫ਼ਿਰੋਜ਼ਪੁਰ, 20 ਜੁਲਾਈ (ਦਵਿੰਦਰ ਪਾਲ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਵਲੋਂ ਫ਼ੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਰਾਜ ਵਿਚ ਬਦਲਣ ਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ 'ਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਦਾਣਾ ਮੰਡੀ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਤੇ ਰੋਸ ਮੁਜ਼ਾਹਰੇ ਵਿਚ ਵੱਡੇ ਪੱਧਰ 'ਤੇ ਅਧਿਆਪਕਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ | ਡੀ.ਟੀ.ਐੱਫ. ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਦੀ ਅਗਵਾਈ ਹੇਠ ਹੋਈ ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਫ਼ਰੰਟ ਦੇ ਸਕੱਤਰ ਅਮਿਤ ਕੁਮਾਰ ਤੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਨਾਥ ਭਾਵੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ਼ 'ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ | ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਕੂਚ ਨੂੰ ਗਿ੍ਫ਼ਤਾਰੀਆਂ ਦਾ ਦੌਰ ਚਲਾ ਕੇ ਫ਼ੇਲ੍ਹ ਕਰਨਾ, ਸ਼ੰਭੂ ਤੇ ਖਨੌਰੀ ਮੋਰਚਿਆਂ ਦੀ ਲੀਡਰਸ਼ਿਪ ਨੂੰ ਗੱਲਬਾਤ ਲਈ ਬੁਲਾ ਕੇ ਗਿ੍ਫ਼ਤਾਰ ਕਰਨ ਉਪਰੰਤ ਜਬਰੀ ਉਨ੍ਹਾਂ ਦੇ ਧਰਨੇ ਚੁਕਵਾਉਣਾ, ਸੰਗਰੂਰ ਵਿਖੇ ਬੇਗਮਪੁਰਾ ਵਸਾਉਣ ਲਈ ਜਾ ਰਹੇ ਸੈਂਕੜੇ ਮਜ਼ਦੂਰਾਂ ਨੂੰ ਗਿ੍ਫਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰਨਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ 'ਤੇ ਅਣ ਐਲਾਨੀ ਪਾਬੰਦੀ ਲਗਾਉਣਾ ਤੇ ਉਨ੍ਹਾਂ ਦੇ ਆਗੂਆਂ ਦੀ ਕੀਤੀ ਜਾ ਰਹੀ ਛਾਪੇਮਾਰੀ, ਬੇਰੁਜ਼ਗਾਰ ਅਧਿਆਪਕਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ 'ਚ ਬੰਦ ਕਰਨਾ ਆਦਿ ਇਸ ਦੀਆਂ ਪ੍ਰਮੁੱਖ ਉਦਾਹਰਨਾਂ ਹਨ | ਇਸ ਲਈ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਵਿਸ਼ਾਲ ਰੈਲੀ 'ਚ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵੱਡੇ ਪੱਧਰ 'ਤੇ ਸ਼ਮੂਲੀਅਤ ਕਰੇਗੀ |