ਫ਼ਿਰੋਜ਼ਪੁਰ, 20 ਜੁਲਾਈ (ਦਵਿੰਦਰ ਪਾਲ ਸਿੰਘ)-ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿੱਥੇ ਕਿਤੇ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਹੋਣ ਵਾਲੀ ਰਹਿੰਦੀ ਹੈ, ਉਹ ਮੁਕੰਮਲ ਤਰੀਕੇ ਨਾਲ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਉਕਤ ਕੰਮ ਜੇਕਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ | ਉਨ੍ਹਾਂ ਐਕਸੀਅਨ ਡੇਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਸੰਵੇਦਨਸ਼ੀਲ ਸਥਾਨਾਂ 'ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਤੇ ਡਰੇਨਾਂ ਦੀ ਸਫ਼ਾਈ ਨੂੰ ਹਰ ਹਾਲ ਵਿਚ ਯਕੀਨੀ ਬਣਾਉਣ | ਉਨ੍ਹਾਂ ਸ਼ਹਿਰੀ ਖੇਤਰ ਵਿਚ ਬਾਰਸ਼ ਦੌਰਾਨ ਖੜੇ ਹੋਣ ਵਾਲੇ ਪਾਣੀ ਦੀ ਨਿਕਾਸੀ ਲਈ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕੀਤਾ ਜਾਵੇ ਤੇ ਪੁਲੀਆਂ ਹੇਠੋਂ ਸਫ਼ਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਤੇ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਮੀਟਿੰਗ ਦੌਰਾਨ ਡੀ.ਡੀ.ਪੀ.ਓ ਹਰਜਿੰਦਰ ਸਿੰਘ, ਤਹਿਸੀਲਦਾਰ ਫ਼ਿਰੋਜ਼ਪੁਰ ਹਰਮਿੰਦਰ ਸਿੰਘ, ਐੱਸ.ਈ. ਡਰੇਨਜ਼ ਰਾਜਨ ਢੀਂਗਰਾ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |