ਫ਼ਿਰੋਜ਼ਪੁਰ, 21 ਜੁਲਾਈ (ਕੁਲਬੀਰ ਸਿੰਘ ਸੋਢੀ)-ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ 'ਈਜ਼ੀ ਰਜਿਸਟਰੀ' ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੁਖਾਲੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦੇ ਕੰਮ ਦਾ ਜਾਇਜ਼ਾ ਲੈਣ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਤਹਿਸੀਲਦਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਹਾਸਲ ਕੀਤੀ | ਵਿਧਾਇਕ ਦਹੀਯਾ ਨੇ ਸਬ ਰਜਿਸਟਰਾਰ ਦਫ਼ਤਰ ਵਿਖੇ ਈਜ਼ੀ ਰਜਿਸਟਰੀ ਪ੍ਰਣਾਲੀ ਰਾਹੀਂ ਹੋ ਰਹੇ ਕੰਮ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ 'ਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਵੀ ਕੀਤੀ | ਵਿਧਾਇਕ ਦਹੀਯਾ ਨੇ ਦੱਸਿਆ ਕਿ ਈਜ਼ੀ ਪ੍ਰਣਾਲੀ ਰਾਹੀਂ ਲੋਕਾਂ ਨੂੰ ਵਧੀਆ ਸਹੂਲਤ ਮਿਲੀ ਹੈ ਅਤੇ ਇਸ ਕੰਮ ਵਿਚ ਪਾਰਦਰਸ਼ਤਾ ਵੀ ਆਈ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਈਜ਼ੀ ਪ੍ਰਣਾਲੀ ਦਾ ਵੱਧ ਤੋਂ ਵੱਧ ਲਾਭ ਉਠਾਉਣ | ਵਿਧਾਇਕ ਦਹੀਯਾ ਨੇ ਕਿਹਾ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਜ਼ਮੀਨ ਜਾਇਦਾਦ ਦੀ ਹਰ ਜਾਣਕਾਰੀ ਮੋਬਾਈਲ 'ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ | ਉਨ੍ਹਾਂ ਦੱਸਿਆ ਕਿ ਨਵੇਂ ਸਿਸਟਮ ਮੁਤਾਬਿਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉੱਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ | ਇਸ ਦੇ ਚੱਲਦੇ ਵਿਧਾਇਕ ਦਹੀਯਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਵੀ ਲੋਕਾਂ ਨੂੰ ਦਿੱਤੀ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ | ਇਸ ਮੌਕੇ ਲੋਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਥਰੂਮਾਂ ਦੇ ਮਾੜੇ ਹਾਲ ਅਤੇ ਪੀਣ ਵਾਲੇ ਪਾਣੀ ਦੇ ਨਾ ਹੋਣ ਬਾਰੇ ਵਿਧਾਇਕ ਦਹੀਯਾ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ, ਜਿਸ 'ਤੇ ਵਿਧਾਇਕ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾ ਕੇ ਇਨ੍ਹਾਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਹਦਾਇਤਾਂ ਕੀਤੀਆਂ | ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਹਰਮਿੰਦਰ ਸਿੰਘ, ਨਿੱਜੀ ਸਕੱਤਰ ਰੋਬੀ ਸੰਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |